ਰੋਪੜ ਹੈੱਡਵਰਕਸ ’ਤੇ ਪ੍ਰਦੂਸ਼ਿਤ ਪਾਣੀ ਦੇ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ
ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਹੈੱਡਵਰਕਸ ’ਤੇ ਫੈਕਟਰੀਆਂ ਦੇ ਕਥਿਤ ਪ੍ਰਦੂਸ਼ਿਤ ਪਾਣੀ ਅਤੇ ਉਦਯੋਗਿਕ ਰਹਿੰਦ-ਖੂੰਹਦ ਦੇ ਮਾਮਲੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਹੈੱਡਵਰਕਸ ’ਤੇ ਫੈਕਟਰੀਆਂ ਦੇ ਕਥਿਤ ਪ੍ਰਦੂਸ਼ਿਤ ਪਾਣੀ ਅਤੇ ਉਦਯੋਗਿਕ ਰਹਿੰਦ-ਖੂੰਹਦ ਦੇ ਮਾਮਲੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਮੌਕੇ ’ਤੇ ਮਿਲੀ ਸਮੱਗਰੀ ਸ਼ੱਕੀ ਜਾਂ ਕਥਿਤ ਤੌਰ ’ਤੇ ਜ਼ਹਿਰੀਲੀ ਸੀ ਤਾਂ ਉਸ ਦੀ ਵਿਗਿਆਨਕ ਢੰਗ ਨਾਲ ਸੈਂਪਲਿੰਗ ਅਤੇ ਜਾਂਚ ਕਰਵਾਉਣੀ ਚਾਹੀਦੀ ਸੀ। ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਇਕ ਦਿਨ ਪਹਿਲਾਂ ਹੈੱਡਵਰਕਸ ਦਾ ਦੌਰਾ ਕਰਕੇ ਹਿਮਾਚਲ ਵਲੋਂ ਆ ਰਹੇ ਕਥਿਤ ਪ੍ਰਦੂਸ਼ਿਤ ਪਾਣੀ ਅਤੇ ਉਦਯੋਗਿਕ ਰਹਿੰਦ-ਖੂੰਹਦ ਦਾ ਮਾਮਲਾ ਉਠਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਮੌਕੇ ’ਤੇ ਮੌਜੂਦ ਸਨ ਅਤੇ ਪਾਣੀ ਵਿਚ ਪ੍ਰਦੂਸ਼ਣ ਦੇ ਨਿਸ਼ਾਨ ਦੇਖੇ ਸਨ। ਵਿਧਾਇਕ ਵਲੋਂ ਮਾਮਲੇ ਸਬੰਧੀ ਪੁਲਿਸ ਕੇਸ ਦਰਜ ਕਰਵਾਉਣ ਨੂੰ ਉਨ੍ਹਾਂ ਚੰਗਾ ਕਦਮ ਦੱਸਿਆ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਸੁਤੰਤਰ ਜਾਂਚ ਕਰਵਾ ਕੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ।ਇਸ ਮੌਕੇ ਪਰਮਜੀਤ ਸਿੰਘ ਮਾਕੜ, ਗੁਰਮੁਖ ਸਿੰਘ ਸੈਣੀ, ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਬੀਬੀ ਚਰਨਜੀਤ ਕੌਰ, ਸੁਖਵਿੰਦਰ ਸਿੰਘ ਪਟਵਾਰੀ, ਤਰਨਜੀਤ ਸਿੰਘ ਧਰਨੀ, ਕਰਮਦੀਨ, ਨੰਬਰਦਾਰ ਜਸਵੰਤ ਸਿੰਘ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।