ਅੱਜ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ ਅਣਮਿਥੇ ਸਮੇਂ ਲਈ ਰੁਕੇਗਾ ਪੰਜਾਬ ਰੋਡਵੇਜ਼, ਪਨਬਸ-ਪੀ.ਆਰ.ਟੀ.ਸੀ. ਬੱਸਾਂ ਦਾ ਪਹੀਆ-ਗਿੱਲ
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ.
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਫ਼ਿਰੋਜ਼ਪੁਰ ਡਿਪੂ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 26 ਅਗਸਤ ਨੂੰ ਟਰਾਂਸਪੋਰਟ ਅਤੇ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਅਣਮਿਥੇ ਸਮੇਂ ਦੀ ਹੜਤਾਲ ਸਮੇਤ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਤ ਪ੍ਰਧਾਨ ਨਿਸ਼ਾਨ ਸਿੰਘ, ਹਰਜੀਤ ਸਿੰਘ, ਰਾਜਿੰਦਰ ਸਿੰਘ ਅਤੇ ਗੌਰਵ ਨੇ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇਕ ਵੀ ਨਵੀਂ ਬੱਸ ਨਹੀਂ ਪਾਈ ਗਈ, ਜਦਕਿ ਕਰੀਬ 500-600 ਬੱਸਾਂ ਕੰਡਮ ਹੋ ਚੁੱਕੀਆਂ ਹਨ। ਉਨ੍ਹਾਂ ਆਊਟਸੋਰਸ ਭਰਤੀ ਵਿਚ ਕਥਿਤ ਬੇਨਿਯਮੀਆਂ ਅਤੇ ਠੇਕੇਦਾਰੀ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਦੇ ਸ਼ੋਸ਼ਣ ਦੇ ਦੋਸ਼ ਵੀ ਲਗਾਏ। ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਖ਼ਜਾਨਚੀ ਅਜੈ ਕੁਮਾਰ ਨੇ ਕਿਹਾ ਕਿ ਕੱਚੇ ਮੁਲਾਜ਼ਮ 17-18 ਸਾਲਾਂ ਤੋਂ ਆਊਟਸੋਰਸ ਅਤੇ 11 ਸਾਲਾਂ ਤੋਂ ਕੰਟਰੈਕਟ ’ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ 2014 ਵਿਚ ਟੈੱਸਟ ਅਤੇ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਅਜੇ ਤੱਕ ਪੂਰੀ ਨਹੀਂ ਹੋਈ। ਮੁੱਖਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਮਿਲ ਰਹੇ ਭਰੋਸਿਆਂ ਤੋਂ ਤੰਗ ਆ ਚੁੱਕੇ ਹਨ।