ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 35 ਫ਼ੀਸਦੀ ਵਧਿਆ
ਪਟਿਆਲਾ, 27 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਇਸ ਵਾਰ ਰਕਬੇ ਵਿਚ ਵਾਧਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਸਰਕਾਰ ਵਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ। ਰਕਬੇ ਨੂੰ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਲੀ ਸਰਕਾਰ ਵਲੋਂ ਐਲਾਨੀ ਵਿੱਤੀ ਸਹਾਇਤਾ ਦੀ ਉਡੀਕ ਹੁਣ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ।
ਪਟਿਆਲਾ, 27 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਇਸ ਵਾਰ ਰਕਬੇ ਵਿਚ ਵਾਧਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਸਰਕਾਰ ਵਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ। ਰਕਬੇ ਨੂੰ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਲੀ ਸਰਕਾਰ ਵਲੋਂ ਐਲਾਨੀ ਵਿੱਤੀ ਸਹਾਇਤਾ ਦੀ ਉਡੀਕ ਹੁਣ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਵਿਭਾਗੀ ਸੂਤਰਾਂ ਅਨੁਸਾਰ ਸਿੱਧੀ ਬਿਜਾਈ ਲਈ ਦਰਜ ਕਰਵਾਏ ਰਕਬੇ ਦੀ ਜਾਂਚ-ਪੜਤਾਲ ਦਾ ਕੰਮ ਜਾਰੀ ਹੈ। ਤਸਦੀਕ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਯੋਗ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਸ ਉਪਰੰਤ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਦੀ ਕਾਰਵਾਈ ਹੋਵੇਗੀ।ਜੁਲਾਈ ਮਹੀਨੇ ਦੇ ਅੰਕੜਿਆਂ ਅਨੁਸਾਰ ਇਸ ਸਾਲ ਪੰਜਾਬ ਵਿਚ 31,478 ਕਿਸਾਨਾਂ ਵਲੋਂ 4,00,433.26 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਪਿਛਲੇ ਸਾਲ ਇਹ ਰਕਬਾ ਕਰੀਬ 2.94 ਲੱਖ ਏਕੜ ਸੀ। ਇਸ ਤਰ੍ਹਾਂ ਇਸ ਸਾਲ ਸਿੱਧੀ ਬਿਜਾਈ ਹੇਠ ਰਕਬੇ ਵਿਚ ਲਗਭਗ 36 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੌਜੂਦਾ ਦਰਜ ਰਕਬੇ ਲਈ ਲਗਭਗ 61 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਬਣਦੀ ਹੈ। ਇਕ ਪਾਸੇ ਸਿੱਧੀ ਬਿਜਾਈ ਹੇਠ ਰਕਬੇ ਵਿਚ ਵਾਧਾ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਲਈ ਹਾਂ-ਪੱਖੀ ਸੰਕੇਤ ਮੰਨਿਆ ਜਾ ਰਿਹਾ ਹੈ, ਦੂਜੇ ਪਾਸੇ, ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਐਲਾਨੀ ਰਾਸ਼ੀ ਹਾਲੇ ਤੱਕ ਨਾ ਮਿਲਣ ਕਾਰਨ ਸਵਾਲ ਵੀ ਖੜ੍ਹੇ ਹੋ ਰਹੇ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਸਰਕਾਰ ਦੇ ਸੱਦੇ ’ਤੇ ਰਵਾਇਤੀ ਝੋਨੇ ਦੀ ਲੁਆਈ ਦੀ ਥਾਂ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਹੈ ਤਾਂ ਐਲਾਨੀ ਗਈ ਵਿੱਤੀ ਸਹਾਇਤਾ ਵੀ ਸਮੇਂ ਸਿਰ ਮਿਲਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਤਸਦੀਕ ਦੀ ਕਾਰਵਾਈ ਜਲਦ ਮੁਕੰਮਲ ਕਰਕੇ ਯੋਗ ਕਿਸਾਨਾਂ ਦੇ ਖਾਤਿਆਂ ਵਿਚ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਬਣਦੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।