ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 29 ਅਗਸਤ (ਪ੍ਰੋ. ਅਵਤਾਰ ਸਿੰਘ) -ਇਕ ਬਿਮਾਰ ਮਾਂ ਦੀ ਆਪਣੇ ਪੁੱਤਰ ਨੂੰ ਜਿਊਂਦੇ ਜੀਅ ਮਿਲਣ ਦੀ ਤਾਂਘ ਨੂੰ ਲੈ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਪੁਸ਼ਪਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ, 29 ਅਗਸਤ (ਪ੍ਰੋ. ਅਵਤਾਰ ਸਿੰਘ) -ਇਕ ਬਿਮਾਰ ਮਾਂ ਦੀ ਆਪਣੇ ਪੁੱਤਰ ਨੂੰ ਜਿਊਂਦੇ ਜੀਅ ਮਿਲਣ ਦੀ ਤਾਂਘ ਨੂੰ ਲੈ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਪੁਸ਼ਪਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੈਰੋਲ ਦੀ ਰਹਿੰਦੀ ਕਾਰਵਾਈ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਗਈ, ਜਿਸ ’ਤੇ ਮੁੱਖ ਮੰਤਰੀ ਨੇ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੁਸ਼ਪਿੰਦਰ ਕੌਰ ਤੋਂ ਇਲਾਵਾ ਭਾਈ ਬਲਦੇਵ ਸਿੰਘ ਵਡਾਲਾ ਦੇ ਨਾਲ ਭਾਈ ਅਮਨਪ੍ਰੀਤ ਸਿੰਘ, ਭਾਈ ਹਰਭਿੰਦਰ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਪ੍ਰੀਤ ਸਿੰਘ, ਭਾਈ ਹਰਪ੍ਰੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਸਾਥੀ ਭਾਈ ਜਸਵੰਤ ਸਿੱਧੂਪੁਰ ਵੀ ਮੌਜੂਦ ਸਨ। ਵਫ਼ਦ ਨੇ ਆਸ ਪ੍ਰਗਟਾਈ ਕਿ ਪੈਰੋਲ ਸਬੰਧੀ ਰਹਿੰਦੀ ਕਾਰਵਾਈ ਜਲਦ ਪੂਰੀ ਹੋਣ ਨਾਲ ਬਿਮਾਰ ਮਾਤਾ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਮੌਕਾ ਮਿਲ ਸਕੇਗਾ। ਵਫ਼ਦ ਵਲੋਂ ਪੈਰੋਲ ਸਬੰਧੀ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੀ ਪ੍ਰਕਿਰਿਆ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕਰਨ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਮਨੁੱਖੀ ਅਧਿਕਾਰਾਂ ਦੇ ਪੱਖ ਨੂੰ ਧਿਆਨ ਵਿਚ ਰੱਖਦਿਆਂ ਇਕ ਮਾਂ ਅਤੇ ਪੁੱਤਰ ਦੇ ਮਿਲਾਪ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰ ਸੰਭਵ ਹੀਲਾ ਵਰਤਿਆ ਜਾਵੇਗਾ।