ਵਿਗੜ ਰਹੀ ਅਮਨ - ਕਾਨੂੰਨ ਦੀ ਸਥਿਤੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਗੁਰਦਾਸਪੁਰ ’ ਚ ਮਹਾਂਰੈਲੀ
ਕੇਂਦਰ ਸਰਕਾਰ ਦੀਆਂ ਹੋਛੀਆਂ ਚਾਲਾਂ ਤੋਂ ਰਾਹੁਲ ਗਾਂਧੀ ਡਰਨ ਵਾਲੇ ਨਹੀਂ-ਉਦੇ ਭਾਨੂ ਚਿਬ
ਗੁਰਦਾਸਪੁਰ, 31 ਅਗਸਤ (ਗੁਰਪ੍ਰਤਾਪ ਸਿੰਘ)-ਪੰਜਾਬ ਯੂਥ ਕਾਂਗਰਸ ਵਲੋਂ ਪੇਪਰ ਲੀਕ ਮਾਮਲੇ ਅਤੇ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਿਤਾਉਣ ਲਈ ਗੁਰਦਾਸਪੁਰ ਵਿਖੇ ਮਹਾਂਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਭਰ ਤੋਂ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਪੇਪਰ ਲੀਕ ਮਾਮਲਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਗੁਰਦਾਸਪੁਰ, 31 ਅਗਸਤ (ਗੁਰਪ੍ਰਤਾਪ ਸਿੰਘ)-ਪੰਜਾਬ ਯੂਥ ਕਾਂਗਰਸ ਵਲੋਂ ਪੇਪਰ ਲੀਕ ਮਾਮਲੇ ਅਤੇ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਿਤਾਉਣ ਲਈ ਗੁਰਦਾਸਪੁਰ ਵਿਖੇ ਮਹਾਂਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਭਰ ਤੋਂ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਪੇਪਰ ਲੀਕ ਮਾਮਲਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਰੈਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ, ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੇ ਭਾਨੂ ਚਿਬ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸਮੇਤ ਕਈ ਆਗੂ ਮੌਜੂਦ ਸਨ। ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਕੇਂਦਰ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਨਤਾ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ, ਫਿਰੌਤੀ ਦੀਆਂ ਲਗਾਤਾਰ ਆ ਰਹੀਆਂ ਕਾਲਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਪੇਪਰ ਲੀਕ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਬੱਚਿਆਂ ਨੇ ਕੜੀ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਸੀ। ਪਰ ਬਾਅਦ ਵਿਚ ਪੇਪਰ ਲੀਕ ਕਰ ਦਿੱਤਾ ਗਿਆ, ਜਿਸ ਨਾਲ ਬੱਚਿਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਉਦੇ ਭਾਨੂ ਚਿਬ ਨੇ ਕਿਹਾ ਕਿ ਭਾਜਪਾ ਦਲਿਤਾਂ ਨੂੰ ਅਪਵਿੱਤਰ ਮੰਨਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਗਲਤ ਹੈ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਨੂੰ ਐੱਫ.ਆਈ.ਆਰ ਉਨ੍ਹਾਂ ਖਿਲਾਫ ਕਰਨੀ ਚਾਹੀਦੀ ਹੈ ਜੋ ਦਲਿਤਾਂ ਦੇ ਖਿਲਾਫ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਮਨਦੀਪ ਸਿੰਘ, ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਜਨਰਲ ਸਕੱਤਰ ਹਿਮਾਂਸ਼ੂ ਗੋਸਾਈਂ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਰਿਆੜ, ਪੰਮੀ ਪਠਾਨੀਆ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਠਾਨਕੋਟ ਸਮੇਤ ਹੋਰ ਆਗੂ ਹਾਜ਼ਰ ਸਨ।