ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਅੱਜ ਚੰਡੀਗੜ੍ਹ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹਜ਼ਾਰਾਂ ਮਹਿਲਾ ਵਰਕਰਾਂ ਨੇ ਰੋਸ ਮਾਰਚ ਕੱਢਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਵਿਧਾਇਕਾ ਗਨੀਵ ਕੌਰ ਮਜੀਠੀਆ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਸਮੇਤ ਪਾਰਟੀ ਦੀਆਂ ਹੋਰ ਮਹਿਲਾ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਨਿਵਾਸ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਰਸਤੇ ਵਿਚ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਰਸਿਮਰਤ ਕੌਰ ਬਾਦਲ, ਗਨੀਵ ਕੌਰ ਮਜੀਠੀਆ, ਹਰਗੋਬਿੰਦ ਕੌਰ ਸਮੇਤ ਕਈ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਮਹਿਲਾ ਵਰਕਰਾਂ ਨੇ ਸੜਕ ’ਤੇ ਬੈਠ ਕੇ ਧਰਨਾ ਵੀ ਦਿੱਤਾ ਤੇ ਨਾਅਰੇਬਾਜ਼ੀ ਜਾਰੀ ਰੱਖੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਤੇ ਇਸ ਮਾਮਲੇ ਨਾਲ ਸੰਬੰਧਿਤ ਸਬੂਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਦਾ ਕਹਿਣਾ ਸੀ ਕਿ ਮਾਮਲੇ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿਚ ਨਿਰਪੱਖ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਲੋਕ ਲਹਿਰ ਚਲਾਈ ਜਾਵੇਗੀ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਮਹਿਲਾਵਾਂ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਸਮਾਜ ਨੂੰ ਇਕਜੁੱਟ ਹੋਣ ਦੀ ਲੋੜ ਹੈ। ਅਕਾਲੀ ਦਲ ਨੇ ਇਸ ਮਾਮਲੇ ਵਿਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐੱਚ.ਆਰ.ਸੀ.) ਦੇ ਦਖ਼ਲ ਦਾ ਵੀ ਜ਼ਿਕਰ ਕੀਤਾ। ਪਾਰਟੀ ਮੁਤਾਬਿਕ ਕਮਿਸ਼ਨ ਵਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਤੇ ਪੁਲਿਸ ਡਾਇਰੈਕਟਰ ਜਨਰਲ ਤੋਂ ਜਾਂਚ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਮੰਗੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ( ਬ ) ਇਸਤਰੀ ਵਿੰਗ ਵਲੋਂ ਚੰਡੀਗੜ੍ਹ ’ ਚ ਰੋਸ ਮਾਰਚ
ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.
ਅਜੀਤ ਡੈਸਕ
06-09-2026