ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 8 ਸਤੰਬਰ - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ । ਪਾਰਟੀ ਵਲੋਂ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਠਨਾਤਮਕ ਅਤੇ ਸਿਆਸੀ ਪ੍ਰੋਗਰਾਮਾਂ ਦਾ ਸਿਲਸਿਲਾ ਵਧਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ। ਇਸ ਤਹਿਤ ਸਤੰਬਰ ਵਿਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਮਾਰਚਾਂ ਤੋਂ ਇਲਾਵਾ ਜਲੰਧਰ ਵਿਚ ਵੱਡੀ ਰੈਲੀ ਅਤੇ ਅਕਤੂਬਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਪੰਜਾਬ ਦੌਰੇ ਬਾਰੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਭਾਜਪਾ ਦੀ ਕੌਮੀ ਲੀਡਰਸ਼ਿਪ ਵਲੋਂ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਹਾਲ ਹੀ ਵਿਚ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਵਲੋਂ ਸੂਬੇ ਦੇ ਦੌਰੇ ਦੌਰਾਨ ਪਾਰਟੀ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਕੇ ਸੰਗਠਨ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਪੱਧਰ ਦੀਆਂ ਸਰਗਰਮੀਆਂ ਦਾ ਜਾਇਜ਼ਾ ਲਿਆ ਗਿਆ। ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਹਾਲ ਹੀ ਵਿਚ ਕਿਹਾ ਸੀ ਕਿ ਪਾਰਟੀ ਕਿਸੇ ਵੀ ਪਾਰਟੀ ਨਾਲ ਗਠਜੋੜ ਕੀਤੇ ਬਿਨਾਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਸੂਤਰਾਂ ਅਨੁਸਾਰ ਅਕਤੂਬਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਤਿੰਨ ਰੋਜ਼ਾ ਪੰਜਾਬ ਦੌਰੇ ਬਾਰੇ ਵਿਚਾਰ ਚੱਲ ਰਿਹਾ ਹੈ। ਹਾਲਾਂਕਿ ਦੌਰੇ ਦੀਆਂ ਤਰੀਕਾਂ ਹਾਲੇ ਅੰਤਿਮ ਨਹੀਂ ਹੋਈਆਂ ਹਨ । ਪ੍ਰਸਤਾਵਿਤ ਪ੍ਰੋਗਰਾਮ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਵਲੋਂ ਕੌਮੀ ਲੀਡਰਸ਼ਿਪ ਨਾਲ ਬਠਿੰਡਾ ਜਾਂ ਪਟਿਆਲਾ ਵਿਚ ਵੱਡੀ ਰੈਲੀ ਕਰਵਾਉਣ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਬਠਿੰਡਾ ਤੋਂ ਪਟਿਆਲਾ ਤੱਕ ਰੋਡ ਸ਼ੋਅ ਕਰਵਾਉਣ ਦੀ ਸੰਭਾਵਨਾ ਬਾਰੇ ਵੀ ਵਿਚਾਰ ਹੋਣ ਦੀ ਜਾਣਕਾਰੀ ਹੈ । ਇਸੇ ਦੌਰਾਨ ਭਾਜਪਾ ਵਲੋਂ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸੂਬੇ ਵਿਚ ਮਾਰਚ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਸਤਾਵਿਤ ਪ੍ਰੋਗਰਾਮ ਅਨੁਸਾਰ 18 ਸਤੰਬਰ ਨੂੰ ਪਠਾਨਕੋਟ ਤੋਂ ਮਾਰਚ ਸ਼ੁਰੂ ਕੀਤਾ ਜਾ ਸਕਦਾ ਹੈ। ਪਹਿਲੇ ਦਿਨ ਇਸ ਦੀ ਅਗਵਾਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤੋਂ ਬਾਅਦ 19, 20 ਅਤੇ 21 ਸਤੰਬਰ ਨੂੰ ਤਲਵੰਡੀ ਸਾਬੋ, ਕੇਸਗੜ੍ਹ ਸਾਹਿਬ ਅਤੇ ਫ਼ਾਜ਼ਿਲਕਾ ਤੋਂ ਵੀ ਮਾਰਚ ਕੱਢੇ ਜਾਣ ਦੀ ਯੋਜਨਾ ਹੈ। ਇਨ੍ਹਾਂ ਮਾਰਚਾਂ ਦੀ ਸਮਾਪਤੀ ਜਲੰਧਰ ਵਿਚ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਕਰਵਾਉਣ ਬਾਰੇ ਵੀ ਪਾਰਟੀ ਪੱਧਰ ’ਤੇ ਵਿਚਾਰ ਚੱਲ ਰਿਹਾ ਹੈ। ਭਾਜਪਾ ਵਲੋਂ ਇਨ੍ਹਾਂ ਮਾਰਚਾਂ ਰਾਹੀਂ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਨੂੰ ਪੰਜਾਬ ਦੀ ਸਿਆਸਤ ਵਿਚ ਪ੍ਰਮੁੱਖ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਪ੍ਰਸਤਾਵਿਤ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਦਿੱਲੀ ਵਿਚ ਪਾਰਟੀ ਦੀ ਅਹਿਮ ਮੀਟਿੰਗ ਹੋਣੀ ਹੈ। ਮੀਟਿੰਗ ਦੀ ਅਗਵਾਈ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਵਿਚ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸੁਲੂ ਸਮੇਤ ਹੋਰ ਆਗੂਆਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਭਾਜਪਾ ਵਲੋਂ ਸਿਆਸੀ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ
2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਭਾਜਪਾ ਵਲੋਂ ਸਿਆਸੀ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ
ਅਜੀਤ ਡੈਸਕ
09-09-2026