ਨਵੇਂ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ. ਬੱਸਾਂ ਦੀ ਹੜਤਾਲ ਮੁਲਤਵੀ
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਭਲਕੇ (22 ਸਤੰਬਰ) ਤੋਂ ਕੀਤੇ ਜਾਣ ਵਾਲੇ ਅਣਮਿੱਥੇ ਸਮੇਂ ਦੇ ਚੱਕਾ ਜਾਮ ਨੂੰ ਅੱਜ ਟਰਾਂਸਪੋਰਟ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਨਾਲ ਹੋਈ ਮੀਟਿੰਗ ਤੋਂ ਬਾਅਦ 24 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਚੰਡੀਗੜ੍ਹ ਵਿਖੇ ਨਵੇਂ ਟਰਾਂਸਪੋਰਟ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਕਰਨ ਤੋਂ ਉਪਰੰਤ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਅਤੇ ਕੁਝ ਮਾਮਲਿਆਂ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੇ ਜਾਣ ਕਾਰਨ ਯੂਨੀਅਨ ਨੇ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਬਾਰੇ ਅਗਲਾ ਫ਼ੈਸਲਾ ਲਿਆ ਜਾਵੇਗਾ। ਯੂਨੀਅਨ ਪ੍ਰਧਾਨ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲੈਣ ਦੇ ਮਾਮਲੇ ’ਚ ਅਹਿਮ ਪ੍ਰਗਤੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੇ ਫ਼ਾਰਮ ਭਰਨ ਲਈ ਅੱਠ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਾਜ਼ਮ ਤਿੰਨ ਸਾਲ ਤੋਂ ਘੱਟ ਸੇਵਾ ਵਾਲੇ ਹਨ ਜਾਂ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਵਿਚਾਰਨ ਦੀ ਮੰਗ ਕੀਤੀ ਗਈ ਹੈ।