ਚੰਡੀਗੜ੍ਹ, 22 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਤੇ ਮਹਿੰਗਾਈ ਰਾਹਤ (ਡੀ.ਆਰ.) ਦੀਆਂ ਬਕਾਇਆ ਕਿਸ਼ਤਾਂ ਦੇ ਭੁਗਤਾਨ ਸਬੰਧੀ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕਿਹਾ ਕਿ 3 ਅਗਸਤ ਦੇ ਹੁਕਮਾਂ ਦੇ ਬਾਵਜੂਦ ਮੁੱਖ ਸਕੱਤਰ ਵਲੋਂ ਪਾਲਣਾ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ। ਹਾਲਾਂਕਿ, ਜੇਕਰ ਸੂਬਾ ਸਰਕਾਰ ਨੂੰ ਇਸ ਮਾਮਲੇ ’ਚ ਸੁਪਰੀਮ ਕੋਰਟ ਤੋਂ ਕੋਈ ਰਾਹਤ ਮਿਲ ਜਾਂਦੀ ਹੈ ਤਾਂ ਮੁੱਖ ਸਕੱਤਰ ਦੀ ਨਿੱਜੀ ਪੇਸ਼ੀ ਤੋਂ ਛੋਟ ਰਹੇਗੀ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਵਿਰੁੱਧ ਆਏ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦਾ ਪੂਰਾ ਹੱਕ ਹੈ, ਪਰ ਇਸ ਕਾਨੂੰਨੀ ਹੱਕ ਦੀ ਵਰਤੋਂ ਨਿਰਪੱਖ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ । ਹਾਈ ਕੋਰਟ ਦੀ ਬੈਂਚ ਨੇ 3 ਅਗਸਤ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਡੀ.ਏ.-ਡੀ.ਆਰ. ਦੀਆਂ ਅਪਡੇਟ ਕਿਸ਼ਤਾਂ ਅਖਿਲ ਭਾਰਤੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਮਿਲ ਰਹੀਆਂ ਕੇਂਦਰੀ ਦਰਾਂ ਦੇ ਅਨੁਸਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਭੁਗਤਾਨ ਲਈ ਦੋ ਹਫ਼ਤਿਆਂ ਦੀ ਸਮਾਂ-ਸੀਮਾ ਤੈਅ ਕੀਤੀ ਸੀ। ਸਮੇਂ ਸਿਰ ਭੁਗਤਾਨ ਨਾ ਹੋਣ ਦੀ ਸੂਰਤ ਵਿਚ ਬਕਾਇਆ ਰਕਮ ’ਤੇ 6 ਫ਼ੀਸਦੀ ਸਾਲਾਨਾ ਸਾਧਾਰਨ ਵਿਆਜ ਦੇਣ ਦਾ ਵੀ ਹੁਕਮ ਦਿੱਤਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ 1 ਸਤੰਬਰ ਨੂੰ ਅਪੀਲ ਦਾਇਰ ਕੀਤੀ ਸੀ, ਪਰ ਰਜਿਸਟਰੀ ਵਲੋਂ ਦਰਸਾਈਆਂ ਗਈਆਂ ਖਾਮੀਆਂ ਨੂੰ ਅਜੇ ਤੱਕ ਦੂਰ ਨਹੀਂ ਕੀਤਾ ਗਿਆ। ਸੂਬਾ ਸਰਕਾਰ ਨੇ ਅਦਾਲਤ ਤੋਂ ਹੋਰ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਬੈਂਚ ਨੇ ਕਿਹਾ ਕਿ ਵਾਰ-ਵਾਰ ਮੌਕੇ ਦਿੱਤੇ ਜਾਣ ਦੇ ਬਾਵਜੂਦ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਹੋਈ ਅਤੇ ਮੁੱਖ ਸਕੱਤਰ ਵਲੋਂ ਪਾਲਣਾ ਹਲਫ਼ਨਾਮਾ ਵੀ ਦਾਖ਼ਲ ਨਹੀਂ ਕੀਤਾ ਗਿਆ। ਇਸ ਦੇ ਮੱਦੇਨਜ਼ਰ ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ ।
ਪੰਜਾਬ ਸਰਕਾਰ ਮੁਲਾਜ਼ਮ-ਹਿਤੈਸ਼ੀ ਹੈ ਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਹਾਈ ਕੋਰਟ ਦੇ ਵਿਚਾਰਾਂ ਦਾ ਪੂਰਾ ਸਤਿਕਾਰ ਕਰਦੀ ਹੈ ਤੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਨੇ ਕਿਹਾ ਕਿ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਨਾਲ ਜੁੜਿਆ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਸਰਵਉੱਚ ਅਦਾਲਤ ਦਾ ਫੈਸਲਾ ਸਾਰੀਆਂ ਧਿਰਾਂ ’ਤੇ ਲਾਗੂ ਹੋਵੇਗਾ । ਇਸ ਦੇ ਬਾਵਜੂਦ, ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭਲਾਈ ਲਈ ਪਹਿਲਕਦਮੀ ਕਰਦਿਆਂ ਆਪਣੇ ਪੱਧਰ ’ਤੇ ਡੀ.ਏ. ਵਿਚ 8% ਵਾਧੇ ਦਾ ਐਲਾਨ ਕੀਤਾ ਹੈ, ਜਿਸ ਨਾਲ ਕੁੱਲ ਡੀ.ਏ. ਦੀ ਦਰ 50% ਹੋ ਗਈ ਹੈ, ਜਿਸ ਨਾਲ ਸਾਲਾਨਾ 3,000 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਮੁਲਾਜ਼ਮ-ਹਿਤੈਸ਼ੀ ਸਰਕਾਰ ਹੈ । ਅਸੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਹੈ ਅਤੇ ਉਸੇ ਅਨੁਸਾਰ ਫੈਸਲੇ ਲਏ ਹਨ । ਪੰਜਾਬ ਸਰਕਾਰ ਨੇ ਕਿਹਾ ਕਿ ਕਾਨੂੰਨੀ ਕਾਰਵਾਈ ਨੂੰ ਨਿਆਂਪਾਲਿਕਾ ਦਾ ਅਨਾਦਰ ਕਰਨ ਦੇ ਰੂਪ ਵਿਚ ਗਲਤ ਤਰੀਕੇ ਨਾਲ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ।