ਸਰਹੱਦ ਪਾਰ ਤੋਂ ਪੁੱਜੀ 20 ਕਿਲੋਗ੍ਰਾਮ ਹੈਰੋਇਨ ਬਰਾਮਦ : 4 ਤਸਕਰ ਕਾਬੂ
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ. ਆਈ.)
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਵਲੋਂ 4 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ, ਦੀਪਕ ਬਖਸ਼ੀ ਵਾਸੀ ਪ੍ਰਤਾਪ ਬਾਜ਼ਾਰ, ਰਿਸ਼ਭ ਕੁਮਾਰ ਵਾਸੀ ਗੋਲਡਨ ਐਵੇਨਿਊ ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ ਸਾਰੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ । ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਇਹ ਗਰੋਹ ਦੁਬਈ ਸਥਿਤ ਇਕ ਨਸ਼ਾ ਤਸਕਰ ਵਲੋਂ ਪੰਜਾਬ ਸਥਿਤ ਆਪਣੇ ਸਾਥੀਆਂ ਅਤੇ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ । ਇਸ ਸੰਬੰਧੀ ਸਟੇਟ ਅਪਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।