ਹਾਈ ਪ੍ਰੋਫ਼ਾਈਲ ਮਾਮਲਾ, ਵਾਰ-ਵਾਰ ਮੁਲਤਵੀ ’ਤੇ ਹਾਈ ਕੋਰਟ ਨਾਰਾਜ਼
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)–ਹਾਈ ਪ੍ਰੋਫ਼ਾਈਲ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਗੰਭੀਰ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)–ਹਾਈ ਪ੍ਰੋਫ਼ਾਈਲ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਗੰਭੀਰ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂ ਕਿਸੇ ਹੋਰ ਸੁਤੰਤਰ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਲਗਾਤਾਰ ਹੋ ਰਹੀਆਂ ਮੁਲਤਵੀਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕਰੀਬ 22 ਦਿਨਾਂ ਦੌਰਾਨ 6 ਸੁਣਵਾਈਆਂ ਹੋਣ ਦੇ ਬਾਵਜੂਦ ਮਾਮਲੇ ’ਚ ਠੋਸ ਪ੍ਰਗਤੀ ਨਾ ਹੋਣ ’ਤੇ ਬੈਂਚ ਨੇ ਸਪੱਸ਼ਟ ਕਰ ਦਿੱਤਾ ਕਿ ਹੁਣ ਪ੍ਰਤੀਵਾਦੀਆਂ ਵਲੋਂ ਹੋਰ ਮੁਲਤਵੀ ਦੀ ਕੋਈ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ। ਸ਼ੈਲੇਂਦਰ ਸਿੰਘ ਵਲੋਂ ਦਾਇਰ ਪਟੀਸ਼ਨ ’ਚ 24 ਮਈ ਨੂੰ ਐਸ.ਏ.ਐਸ. ਨਗਰ ਮੁਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਕੋਲ ਦਿੱਤੀ ਗਈ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਸੁਤੰਤਰ ਤੇ ਨਿਰਪੱਖ ਜਾਂਚ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਅਨੁਸਾਰ ਸ਼ਿਕਾਇਤ ’ਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਇਕ ਵਿਅਕਤੀ ’ਤੇ ਕਥਿਤ ਤੌਰ ’ਤੇ ਝੂਠੀਆਂ ਸ਼ਿਕਾਇਤਾਂ ਤੇ ਮਾਮਲੇ ਦਰਜ ਕਰਵਾਉਣ ਅਤੇ ਮਹਿਲਾ ਸਹਿਯੋਗੀਆਂ ਰਾਹੀਂ ਲੋਕਾਂ ਨੂੰ ਕਥਿਤ ਤੌਰ ’ਤੇ ਫ਼ਸਾਉਣ ਤੋਂ ਬਾਅਦ ਮਾਮਲੇ ਨਿਪਟਾਉਣ ਲਈ ਵੱਡੀ ਰਕਮ ਦੀ ਮੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਪੰਜਾਬ ਸਰਕਾਰ ਵਲੋਂ ਪਟੀਸ਼ਨ ਦੀ ਵਿਚਾਰਣਯੋਗਤਾ ’ਤੇ ਸਵਾਲ ਉਠਾਉਂਦਿਆਂ ਦਲੀਲ ਦਿੱਤੀ ਗਈ ਕਿ ਪਟੀਸ਼ਨਕਰਤਾ ਨੂੰ ਇਹ ਜਨਹਿਤ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਨਹੀਂ ਹੈ। ਪਿਛਲੀ ਸੁਣਵਾਈ ਦੌਰਾਨ ਬੈਂਚ ਨੇ ਦੋਵਾਂ ਧਿਰਾਂ ਦੇ ਵਕੀਲਾਂ ਨੂੰ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ ਜਾਂ ਨਹੀਂ ਸੰਬੰਧੀ ਨੁਕਤੇ ’ਤੇ ਦਲੀਲਾਂ ਪੇਸ਼ ਕਰਨ ਲਈ ਕਿਹਾ ਸੀ। ਹੁਣ ਇਸੇ ਮੁੱਦੇ ਸਮੇਤ ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।