ਚੋਣ ਕਮਿਸ਼ਨ ਦਾ ਦਫ਼ਤਰ ਘੇਰਨ ਜਾਂਦੇ ਪੰਜਾਬ ਕਾਂਗਰਸ ਦੇ ਆਗੂਆਂ ’ ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 25 ਸਤੰਬਰ- ਪੰਜਾਬ ਕਾਂਗਰਸ ਵਲੋਂ ਅੱਜ ਚੰਡੀਗੜ੍ਹ ਵਿਚ ਚੋਣ ਕਮਿਸ਼ਨ ਖਿਲਾਫ ਧਰਨਾ ਦਿੱਤਾ ਗਿਆ। ਪੰਜਾਬ ਕਾਂਗਰਸ ਵਲੋਂ ਬੀਤੇ ਕੱਲ੍ਹ ਸੂਚਨਾ ਦਿੱਤੀ ਗਈ ਸੀ ਕਿ ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਕਰਨਗੇ ਪਰ ਉਹ ਅੱਜ ਦੇ ਧਰਨੇ ਵਿਚ ਨਹੀਂ ਪੁੱਜੇ।
ਚੰਡੀਗੜ੍ਹ, 25 ਸਤੰਬਰ- ਪੰਜਾਬ ਕਾਂਗਰਸ ਵਲੋਂ ਅੱਜ ਚੰਡੀਗੜ੍ਹ ਵਿਚ ਚੋਣ ਕਮਿਸ਼ਨ ਖਿਲਾਫ ਧਰਨਾ ਦਿੱਤਾ ਗਿਆ। ਪੰਜਾਬ ਕਾਂਗਰਸ ਵਲੋਂ ਬੀਤੇ ਕੱਲ੍ਹ ਸੂਚਨਾ ਦਿੱਤੀ ਗਈ ਸੀ ਕਿ ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਕਰਨਗੇ ਪਰ ਉਹ ਅੱਜ ਦੇ ਧਰਨੇ ਵਿਚ ਨਹੀਂ ਪੁੱਜੇ। ਇਸ ਦੇ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਧਰਨੇ ਤੋਂ ਗੈਰ ਹਾਜ਼ਰ ਰਹੇ। ਵੋਟਾਂ ਚੋਰੀ ਕਰਨ ਅਤੇ ਆਪਣੀ ਮਰਜ਼ੀ ਨਾਲ ਵੋਟਾਂ ਕੱਟਣ ਦਾ ਦੋਸ਼ ਲਾ ਕੇ ਪੰਜਾਬ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਸੈਕਟਰ 17 ਸਥਿਤ ਚੋਣ ਕਮਿਸ਼ਨ ਦੇ ਦਫਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀਆਂ ਉੱਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ਵੀ ਕਾਂਗਰਸੀ ਆਗੂ ਪੁਲਿਸ ਵਲੋਂ ਲਾਏ ਬੈਰੀਕੇਡ ਟੱਪ ਕੇ ਅੱਗੇ ਜਾਣ ਦੀ ਕੋਸ਼ਿਸ਼ ਕਰਦੇ ਰਹੇ, ਜਿਸ ਮਗਰੋਂ ਪੁਲਿਸ ਨੇ ਰਾਜਾ ਵੜਿੰਗ ਸਮੇਤ ਹੋਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਸੈਕਟਰ 17 ਦੇ ਥਾਣੇ ਲਿਜਾਏ ਜਾਣ ਮਗਰੋਂ ਵੀ ਕਾਂਗਰਸ ਆਗੂ ਅਤੇ ਵਰਕਰ ਥਾਣੇ ਵਿਚ ਹੀ ਧਰਨਾ ਦੇਣ ਬੈਠ ਗਏ ਅਤੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਧੱਕੇਸ਼ਾਹੀ ਕਰਨ ਦੇ ਨਾਅਰੇ ਲਾਉਣ ਲੱਗੇ। ਮੁੱਖ ਚੋਣ ਕਮਿਸ਼ਨਰ ਵਿਕ ਚੁੱਕੇ ਹਨ-ਰਾਜਾ ਵੜਿੰਗ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਏ ਦਿਨ ਅਜਿਹੇ ਸਬੂਤ ਸਾਹਮਣੇ ਆ ਰਹੇ ਹਨ ਜਿਨ੍ਹਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮੁੱਖ ਚੋਣ ਕਮਿਸ਼ਨਰ ਕਿਵੇਂ ਵਿਕ ਚੁੱਕੇ ਹਨ ਅਤੇ ਭਾਜਪਾ ਨੂੰ ਚੋਣਾਂ ਜਿਤਾਉਣ ਲਈ ਉਨ੍ਹਾਂ ਨਾਲ ਮਿਲ ਕੇ ਸਾਜਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਵੜਿੰਗ ਨੇ ਕਿਹਾ ਕਿ ਜਿਸ ਨੂੰ ਚੋਣ ਜਿੱਤ ਕਿਹਾ ਜਾ ਰਿਹਾ ਹੈ, ਉਹ ਅਸਲ ਵਿਚ ਸਿੱਧੀ-ਸਿੱਧੀ ਵੋਟ-ਚੋਰੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵੀ ਇਹੀ ਕੁੱਝ ਵਾਪਰਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੀਆਂ ਲੋਕ ਸਭਾ ਚੋਣਾਂ ਵਾਲੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੀ ਕਰਵਾਈਆਂ ਜਾਣ। ਕਾਂਗਰਸ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਲੜ ਰਹੀ ਹੈ-ਰੰਧਾਵਾ ਵਾਇਰਲ ਬੁਖਾਰ ਤੋਂ ਪੀੜਤ ਹੋਣ ਦੇ ਬਾਵਜੂਦ ਧਰਨੇ ’ਚ ਪੁੱਜੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਸਲ ਵੋਟ ਚੋਰ ਤਾਂ ਮੁੱਖ ਚੋਣ ਕਮਿਸ਼ਨਰ ਨਿਕਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਪੂਰੀ ਮਜ਼ਬੂਤੀ ਨਾਲ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਲੰਮੇ ਸਮੇਂ ਤੋਂ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲ ਲਗਾਤਾਰ ਉਠਾਉਂਦੇ ਆ ਰਹੇ ਹਨ। ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਕਾਂਗਰਸ ਦੀ ਸਭ ਤੋਂ ਵੱਡੀ ਤਰਜੀਹ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਪਹਿਲਾਂ ਲੋਕ ਤੈਅ ਕਰਦੇ ਸਨ ਕਿ ਵੋਟ ਕਿਸ ਨੂੰ ਪਾਉਣੀ ਹੈ, ਹੁਣ ਚੋਣ ਕਮਿਸ਼ਨ ਤੈਅ ਕਰ ਰਿਹਾ ਹੈ ਕਿ ਕਿਸ ਨੂੰ ਵੋਟ ਪਾਉਣ ਦੇਣੀ ਹੈ। ਭਾਜਪਾ ਵਲੋਂ ਸਾਰੀਆਂ ਲੋਕਤੰਤਰਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਸਾਜਿਸ਼-ਰਾਣਾ ਕੇ.ਪੀ. ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਜਪਾ ਨੇ ਸੁਪਰੀਮ ਕੋਰਟ ਅਤੇ ਚੋਣ ਕਮਿਸ਼ਨ ਸਮੇਤ ਸਾਰੀਆਂ ਲੋਕਤੰਤਰਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਵੱਡੀ ਸਾਜਿਸ਼ ਰਚੀ ਹੈ ਜਿਸ ਨੂੰ ਸਾਡੇ ਨੇਤਾ ਰਾਹੁਲ ਗਾਂਧੀ ਨੇ ਬੇਨਕਾਬ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਹਿਲੇ ਦਿਨ ਤੋਂ ਵੋਟ ਚੋਰੀ ਦਾ ਗੰਭੀਰ ਮਾਮਲਾ ਚੁੱਕਦੇ ਆ ਰਹੇ ਸਨ ਪਰ ਕਿਸੇ ਨੇ ਭਰੋਸਾ ਨਹੀਂ ਕੀਤਾ ਪਰ ਹੁਣ ਸਾਰਾ ਕੁਝ ਸਾਹਮਣੇ ਆ ਗਿਆ ਹੈ ਕਿ ਕਿਸ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੋਣ ਕਮਿਸ਼ਨ ਦੇ ਜਰੀਏ ਹੇਰਾਫੇਰੀ ਕਰਕੇ ਸੂਬਿਆਂ ’ਚ ਆਪਣੀ ਸਰਕਾਰ ਬਣਾਉਂਦੀ ਆ ਰਹੀ ਹੈ। ਸੰਵਿਧਾਨ, ਲੋਕਤੰਤਰ ਤੇ ਵੋਟ ਅਧਿਕਾਰ ਦੀ ਰੱਖਿਆ ਦੀ ਲੜਾਈ ਹੈ-ਵਿਜੈ ਇੰਦਰ ਸਿੰਗਲਾ ਵਿਜੈ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਦੀ ਲੜਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰ.ਐਸ.ਐਸ ਦੀ ਵਿਚਾਰਧਾਰਾ ਦੇ ਪ੍ਰਭਾਵ ਹੇਠ ਦੇਸ਼ ਦੀਆਂ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਆਗੂ ਸੂਰਜ ਠਾਕੁਰ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਪਾਰਟੀਆਂ ਆਪਣੇ ਚੋਣ ਨਿਸ਼ਾਨ ਬਾਰੇ ਦੱਸ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੀਆਂ ਹਨ ਪਰ ਭਾਜਪਾ ਅਜਿਹਾ ਨਹੀਂ ਕਰਦੀ ਅਤੇ ਲੋਕਾਂ ਨੂੰ ਕਹਿੰਦੀ ਹੈ ਕਿ ਤੁਸੀਂ ਜਿਸ ਵੀ ਨਿਸ਼ਾਨ ਵਾਲੇ ਬਟਨ ਨੂੰ ਦਬਾਓਗੇ ਵੋਟ ਸਾਨੂੰ ਆਪਣੇ ਆਪ ਪੈ ਜਾਵੇਗੀ। ਇਸ ਮੌਕੇ ਸੰਸਦ ਮੈਂਬਰ ਧਰਮਵੀਰ ਗਾਂਧੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿਜ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁਖਸਰਕਾਰੀਆ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਕੁਲਦੀਪ ਸਿੰਘ ਕਾਲਾ ਢਿੱਲੋਂ, ਸੁਖਵੰਤ ਸਿੰਘ ਬਰਾੜ, ਮਹਿਲਾ ਆਗੂ ਬਲਜੀਤ ਕੌਰ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਗਸੀਰ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਕੇ.ਕੇ. ਬਾਵਾ, ਮਲਕੀਤ ਸਿੰਘ ਦਾਖਾ, ਕਰਨੈਲ ਸਿੰਘ ਗਿੱਲ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਲਾਲੀ, ਮੋਹਿਤ ਮਹਿੰਦਰਾ, ਭਗਵੰਤ ਪਾਲ ਸਿੰਘ ਸੱਚਰ ਤੇ ਹੋਰ ਸ਼ਾਮਿਲ ਸਨ।