ਐਲ.ਪੀ.ਯੂ. ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਪੁਲਿਸ ਤੋਂ ਮੰਗਿਆ ਜਵਾਬ
ਚੰਡੀਗੜ੍ਹ, 30 ਸਤੰਬਰ (ਪ੍ਰੋ ਅਵਤਾਰ ਸਿੰਘ) -ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ.
ਚੰਡੀਗੜ੍ਹ, 30 ਸਤੰਬਰ (ਪ੍ਰੋ ਅਵਤਾਰ ਸਿੰਘ) -ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਕਥਿਤ ਜਬਰ ਜਨਾਹ ਦੀ ਅਫ਼ਵਾਹ ਤੋਂ ਬਾਅਦ ਹੋਈ ਹਿੰਸਾ ਅਤੇ ਅੱਗਜ਼ਨੀ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਤੋਂ ਘਟਨਾ ਦੀ ਅਸਲ ਸੱਚਾਈ ਸਪੱਸ਼ਟ ਕਰਨ ਲਈ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਕੇ ਇਹ ਦੱਸਣ ਦੇ ਨਿਰਦੇਸ਼ ਦਿੱਤੇ ਹਨ ਕਿ 26 ਸਤੰਬਰ ਨੂੰ ਸੋਸ਼ਲ ਮੀਡੀਆ ਮੰਚ ‘ਰੈਡਿਟ’ ’ਤੇ ਕਥਿਤ ਜਬਰ ਜਨਾਹ ਸਬੰਧੀ ਪ੍ਰਸਾਰਿਤ ਕੀਤੀ ਗਈ ਜਾਣਕਾਰੀ ਅਸਲ ਘਟਨਾ ’ਤੇ ਆਧਾਰਿਤ ਸੀ ਜਾਂ ਨਹੀਂ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਐਲ.ਪੀ.ਯੂ. ਦੇ ਵਿਦਿਆਰਥੀ ਰਵੀ ਰਾਜ ਵਲੋਂ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਯੂਨੀਵਰਸਿਟੀ ਕੈਂਪਸ ’ਚ ਕਥਿਤ ਜਬਰ ਜਨਾਹ ਦੀ ਕੋਈ ਘਟਨਾ ਵਾਪਰੀ ਸੀ ਜਾਂ ਨਹੀਂ। ਅਦਾਲਤ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਅਜਿਹੀ ਕੋਈ ਘਟਨਾ ਵਾਪਰੀ ਨਾ ਹੋਣ ਦੀ ਪੁਸ਼ਟੀ ਹੁੰਦੀ ਹੈ ਤਾਂ ਪੁਲਿਸ ਇਹ ਵੀ ਦੱਸੇ ਕਿ ਅਫ਼ਵਾਹ ਫੈਲਾਉਣ ਵਾਲੀ ਰੈਡਿਟ ਪੋਸਟ ਨੂੰ ਹਟਾਉਣ ਲਈ ਕੀ ਕਾਰਵਾਈ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਪਟੀਸ਼ਨਕਰਤਾ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਵਕੀਲ ਗੌਰਵ ਚੋਪੜਾ ਨੇ ਦਲੀਲ ਦਿੱਤੀ ਕਿ ਪੁਲਿਸ ਨੂੰ ਇੰਟਰਨੈੱਟ ‘ਤੇ ਘੁੰਮ ਰਹੇ ਦਾਅਵੇ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ। ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਚੰਚਲ ਕੇ. ਸਿੰਗਲਾ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਪੋਸਟ ਦੇ ਸਰੋਤ ਦਾ ਪਤਾ ਲਗਾਉਣ ਲਈ ਰੈਡਿਟ ਨਾਲ ਸੰਪਰਕ ਕਰ ਰਹੀ ਹੈ।