‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ. ਓ.
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ’ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਕਾਰਲੇ ਪਾੜੇ ਨੂੰ ਪੂਰਨਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਨੇ ਨਸ਼ਿਆਂ ਤੋਂ ਪੀੜਤ ਲੋਕਾਂ ਲਈ ਦਵਾਈਆਂ ਦੀ ਪਹੁੰਚ ਨੂੰ ਵੱਡੇ ਪੱਧਰ ’ਤੇ ਵਧਾਇਆ ਹੈ, ਪਰ ਇਲਾਜ ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਮਰੀਜ਼ਾਂ ਨੂੰ ਇਸ ਨਾਲ ਜੋੜੀ ਰੱਖਣਾ ਅਜੇ ਵੀ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਨੂੰ ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਅਤੇ ਸੰਭਾਲ ਲਈ ਵਿਆਪਕ ਰਣਨੀਤੀਆਂ ਉਲੀਕਣ ਹਿੱਤ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪਹਿਲਾਂ ਮਾਨਸਾ ਅਤੇ ਸੰਗਰੂਰ ਵਿਚ ਲਾਗੂ ਕੀਤੀ ਜਾਵੇਗੀ ਅਤੇ ਬਾਅਦ ਵਿਚ ਇਸ ਦਾ ਵਿਸਥਾਰ ਪੂਰੇ ਸੂਬੇ ਵਿਚ ਕੀਤਾ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਵਲੋਂ ਵਿਅਕਤੀ ਵਿਕਾਸ ਕੇਂਦਰ ਇੰਡੀਆ ਦੇ ਚੇਅਰਮੈਨ ਬ੍ਰਹਮਚਾਰੀ ਪ੍ਰਗਿਆ ਚੈਤੰਨਿਆ ਅਤੇ ਹੋਰ ਨੁਮਾਇੰਦਿਆਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ।