ਐੱਸ. ਏ. ਐੱਸ. ਨਗਰ, 5 ਅਕਤੂਬਰ (ਕਪਿਲ ਵਧਵਾ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਦੀ ਸ਼ਿਕਾਇਤ ’ਤੇ ਮੁਹਾਲੀ ਸਾਈਬਰ ਕ੍ਰਾਈਮ ਪੁਲਿਸ ਥਾਣੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਖਹਿਰਾ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ’ਤੇ ਉਸ ਦੇ ਚਰਿੱਤਰ ਅਤੇ ਅਕਸ ਨੂੰ ਢਾਹ ਲਾਉਣ ਦੀ ਨੀਅਤ ਨਾਲ ਇਤਰਾਜ਼ਯੋਗ ਪੋਸਟਾਂ ਤੇ ਟਿੱਪਣੀਆਂ ਕੀਤੀਆਂ ਗਈਆਂ । ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67 ਤਹਿਤ ਮਾਮਲਾ ਦਰਜ ਕੀਤਾ ਹੈ । ਸਾਈਬਰ ਕ੍ਰਾਈਮ ਪੁਲਿਸ ਵਲੋਂ ਸੋਸ਼ਲ ਮੀਡੀਆ ’ਤੇ ਮੌਜੂਦ ਸਬੰਧਿਤ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਨੇ ਕਥਿਤ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੂੰ ਰਸਮੀ ਨੋਟਿਸ ਵੀ ਭੇਜਿਆ ਹੈ । ਪੁਲਿਸ ਵਲੋਂ ਉਕਤ ਪੋਸਟਾਂ ਦੀ ਸਮੱਗਰੀ ਤੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ’ਤੇ ਇਤਰਾਜ਼ ਜਤਾਉਂਦਿਆਂ ਦੋਸ਼ਾਂ ਨੂੰ ਖਾਰਜ ਕੀਤਾ ਹੈ । ਉਨ੍ਹਾਂ ਪੁਲਿਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਇਹ ਕਾਰਵਾਈ ਕਰਵਾਈ ਜਾ ਰਹੀ ਹੈ।