ਹਾਈ ਕੋਰਟ ਨੇ ਡੀ.ਏ. ਬਕਾਇਆ ਮਾਮਲੇ ’ਚ ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦਾ ਮਾਮਲਾ ਰੋਸਟਰ ਬੈਂਚ ਕੋਲ ਭੇਜਿਆ
ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.
ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਇਆ ਭੁਗਤਾਨ ਨਾਲ ਜੁੜੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਪਹਿਲੀ ਨਜ਼ਰੇ ਅਪਰਾਧਿਕ ਮਾਣਹਾਨੀ ਦੇ ਮੁੱਦੇ ਨੂੰ ਰੋਸਟਰ ਅਨੁਸਾਰ ਮਾਣਹਾਨੀ ਦੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਨਿਆਂਪਾਲਿਕਾ ਦੀ ਮਰਿਆਦਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਕਿ ਅਦਾਲਤ ਦੀ ਇਹ ਜ਼ਿੰਮੇਵਾਰੀ ਹੈ ਕਿ ਉਸ ਦੀ ਮਰਿਆਦਾ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਵੇ। ਅਦਾਲਤੀ ਕਾਰਵਾਈ ਦੀ ਤਰਕਸੰਗਤਤਾ ਜਾਂ ਇਸ ਦੇ ਸੰਚਾਲਨ ’ਤੇ ਸਵਾਲ ਉਠਾਉਣ ਵਾਲੇ ਸੁਝਾਵਾਂ ਨਾਲ ਵੀ ਸਾਵਧਾਨੀ ਨਾਲ ਨਜਿੱਠਣਾ ਜ਼ਰੂਰੀ ਹੈ। ਇਸੇ ਆਧਾਰ ’ਤੇ ਬੈਂਚ ਨੇ ਮਾਮਲੇ ਨੂੰ ਸੰਬੰਧਿਤ ਅਧਿਕਾਰ ਖੇਤਰ ਵਾਲੇ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ’ਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐਸ.ਐਲ.ਪੀ.) ਦੀਆਂ ਖ਼ਾਮੀਆਂ ਦੂਰ ਕਰਨ ਸਬੰਧੀ ਮੁੱਖ ਸਕੱਤਰ ਵਲੋਂ ਕੋਈ ਗ਼ਲਤ ਬਿਆਨ ਦੇਣ ਦੀ ਜਾਣਬੁੱਝ ਕੇ ਮਨਸ਼ਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਚਾਹੇ ਤਾਂ ਮੁੱਖ ਸਕੱਤਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹਨ। ਦੂਜੇ ਪਾਸੇ, ਪਟੀਸ਼ਨਰਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਜੇ ਕੌਸ਼ਲ ਅਤੇ ਚੇਤਨ ਮਿੱਤਲ ਨੇ ਸਰਕਾਰ ਦੇ ਰਵੱਈਏ ’ਤੇ ਗੰਭੀਰ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦਾ ਵਿਹਾਰ ਅਦਾਲਤੀ ਹੁਕਮਾਂ ਦੀ ਉਲੰਘਣਾ ਵਾਲਾ ਹੈ।