ਜਹਾਜ਼ ਹਵੇਲੀ ਦੇ ਨਿਰਮਾਣ ਕਾਰਜ ਤੀਜੇ ਪੜਾਅ ਵਿਚ ਪੁੱਜੇ-ਕਾਹਨੇਕੇ
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨਾਲ ਜੁੜੀ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਿਹਾ ਨਿਰਮਾਣ ਕਾਰਜ ਤੀਜੇ ਪੜਾਅ ਵਿੱਚ ਪਹੁੰਚ ਗਿਆ ਹੈ। ਇਹ ਸੇਵਾ ਕਾਰਜ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ ।
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨਾਲ ਜੁੜੀ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਿਹਾ ਨਿਰਮਾਣ ਕਾਰਜ ਤੀਜੇ ਪੜਾਅ ਵਿੱਚ ਪਹੁੰਚ ਗਿਆ ਹੈ। ਇਹ ਸੇਵਾ ਕਾਰਜ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ । ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਨੇ ਦੱਸਿਆ ਕਿ ਹਵੇਲੀ ਦੀ ਜਗ੍ਹਾ ਨਾਲ ਸਬੰਧਿਤ ਹਾਈ ਕੋਰਟ ਵਿਚ ਲੰਬਿਤ ਪੇਚੀਦਾ ਕੇਸ ਦਾ ਹੱਲ ਸੀਨੀਅਰ ਵਕੀਲ ਐੱਚ. ਸੀ. ਅਰੋੜਾ ਦੇ ਯਤਨਾ ਨਾਲ ਕਰਵਾਇਆ ਗਿਆ। ਇਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਾਈ ਕੋਰਟ ਦੇ ਐਡਵੋਕੇਟ ਜਨਰਲ ਵਲੋਂ ਸਹਿਯੋਗ ਮਿਲਿਆ। ਉਨ੍ਹਾਂ ਦੱਸਿਆ ਕਿ ਅਮਰੀਕਾ ਵਾਸੀ ਸਤਨਾਮ ਸਿੰਘ ਸੰਧੂ ਅਤੇ ਕਰਨੈਲ ਸਿੰਘ ਸੰਧੂ ਵੱਲੋਂ ਦਸਵੰਧ ਰਾਹੀਂ ਇਸ ਕਾਰਜ ਲਈ ਪੂਰਾ ਵਿੱਤੀ ਯੋਗਦਾਨ ਦਿੱਤਾ ਜਾ ਰਿਹਾ ਹੈ । ਕਿਰਪਾਲ ਸਿੰਘ ਬਲਾਕੀਪੁਰ ਨੇ ਕਿਹਾ ਕਿ ਹਵੇਲੀ ਦੀ ਇਤਿਹਾਸਕ ਦਿੱਖ ਤੇ ਮਜ਼ਬੂਤੀ ਕਾਇਮ ਰੱਖਣ ਲਈ ਨਿਰਮਾਣ ਸਮੱਗਰੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾ ਰਹੀ ਹੈ। ਫਾਊਂਡੇਸ਼ਨ ਨੇ ਵਿਰਾਸਤੀ ਸਥਾਨਾਂ ਦੀ ਸੰਭਾਲ, ਸਿੱਖੀ ਦੇ ਪ੍ਰਚਾਰ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਦੁਹਰਾਈ।