ਸਖ਼ਤੀ ਦੇ ਬਾਵਜੂਦ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਵਧੇ
ਇਕ ਮਹੀਨੇ ਦੌਰਾਨ ਸੂਬੇ ’ਚ 185 ਥਾਵਾਂ ’ਤੇ ਲੱਗੀ ਅੱਗ
ਜਲੰਧਰ, 15 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸਦੇ ਬਾਵਜੂਦ ਸੂਬੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ।
ਜਲੰਧਰ, 15 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸਦੇ ਬਾਵਜੂਦ ਸੂਬੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ। ਸੈਟੇਲਾਈਟ ਅੰਕੜਿਆਂ ਅਨੁਸਾਰ 15 ਅਕਤੂਬਰ ਤੱਕ ਪੰਜਾਬ ਵਿਚ ਪਰਾਲੀ ਸਾੜਨ ਦੀਆਂ 185 ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂਕਿ ਪਿਛਲੇ ਸਾਲ ਇਸੇ ਸਮੇਂ ਇਹ ਗਿਣਤੀ 176 ਸੀ। ਅੰਮ੍ਰਿਤਸਰ ਵਿਚ ਸਭ ਤੋਂ ਵੱਧ 78 ਅਤੇ ਤਰਨਤਾਰਨ ਵਿਚ 69 ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਸਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਕ੍ਰਮਵਾਰ 73 ਅਤੇ 51 ਘਟਨਾਵਾਂ ਸਾਹਮਣੇ ਆਈਆਂ ਸਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿਚ 17 ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ 2.65 ਲੱਖ ਰੁਪਏ ਵਾਤਾਵਰਣ ਮੁਆਵਜ਼ਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜ਼ਮੀਨੀ ਰਿਕਾਰਡ ਵਿਚ 35 ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਤਰਨਤਾਰਨ ਜ਼ਿਲ੍ਹੇ ਵਿਚ ਸਭ ਤੋਂ ਵੱਧ 12 ਐੱਫ.ਆਈ.ਆਰ., 20 ਰੈੱਡ ਐਂਟਰੀਆਂ ਅਤੇ 1.10 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਵਿਚ ਲਾਪਰਵਾਹੀ ਵਰਤਣ ਵਾਲੇ ਨੋਡਲ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ। ਹੁਣ ਤੱਕ ਕਰੀਬ 60 ਕਾਰਨ ਦੱਸੋ ਨੋਟਿਸ ਜਾਰੀ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 56 ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਹਨ। ਪਰਾਲੀ ਦੀ ਅੱਗ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਸੀ. ਪੀ. ਸੀ. ਬੀ. ਦੀਆਂ ਫਲਾਇੰਗ ਟੀਮਾਂ ਲਾਈਆਂ ਗਈਆਂ ਹਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਹੈ।