10 ਨਵੰਬਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ (ਬ)
ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵਲੋਂ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਉਨ੍ਹਾਂ ਦੀ ਅਗਵਾਈ ਹੇਠ ਸੂਬਾ ਪੱਧਰੀ ਯਾਤਰਾ ਸ਼ੁਰੂ ਕੀਤੀ ਜਾਵੇਗੀ, ਜੋ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ।
ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵਲੋਂ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਉਨ੍ਹਾਂ ਦੀ ਅਗਵਾਈ ਹੇਠ ਸੂਬਾ ਪੱਧਰੀ ਯਾਤਰਾ ਸ਼ੁਰੂ ਕੀਤੀ ਜਾਵੇਗੀ, ਜੋ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ। ਯਾਤਰਾ ਦਾ ਪਹਿਲਾ ਪੜਾਅ 10 ਤੋਂ 22 ਨਵੰਬਰ ਤੱਕ ਚੱਲੇਗਾ, ਜਦਕਿ ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਅਤੇ ਤੀਜਾ ਪੜਾਅ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ’ਤੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ, ਪਛੜੀਆਂ ਸ਼੍ਰੇਣੀਆਂ ਵਿੰਗ ਦੀਆਂ ਲੜੀਵਾਰ ਮੀਟਿੰਗਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਯਾਤਰਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕੀਤੇ ਜਾਣ ਵਾਲੇ ਮੁੱਦਿਆਂ ਬਾਰੇ ਆਗੂਆਂ ਤੇ ਵਰਕਰਾਂ ਤੋਂ ਸੁਝਾਅ ਵੀ ਲਏ ਗਏ। ਮਿਲੇ ਸੁਝਾਵਾਂ ’ਤੇ 24 ਅਕਤੂਬਰ ਨੂੰ ਹੋਣ ਵਾਲੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ ਅਤੇ ਚੋਣ ਮਨੋਰਥ ਪੱਤਰ ਪਹਿਲੀ ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਸੁਖਬੀਰ ਨੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੀ ਪਤਨੀ ਦੇ ਜੀਜਾ ਅਮਰਦੀਪ ਗਰੇਵਾਲ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਇਸ ਮਾਮਲੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਕਥਿਤ ਤੌਰ ’ਤੇ ਹੋ ਰਹੇ ਭ੍ਰਿਸ਼ਟਾਚਾਰ ਬਾਰੇ ਤੱਥ ਸਾਹਮਣੇ ਆਉਣਗੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਸਰੋਤਾਂ ਦੀ ਕਥਿਤ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਪੈਸੇ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਝੋਟਾ ਹੱਤਿਆਕਾਂਡ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਸੁਖਬੀਰ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁੰਨਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਵਿਦੇਸ਼ ਦੌਰੇ ਤੇ ਨਿਵੇਸ਼ ਬਾਰੇ ਵੀ ਚੁੱਕੇ ਸਵਾਲ ਸੁਖਬੀਰ ਨੇ ਮੁੱਖ ਮੰਤਰੀ ਦੇ ਪ੍ਰਸਤਾਵਿਤ ਵਿਦੇਸ਼ ਦੌਰੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਅਤੇ ਅਪਰਾਧ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤਾਂ ਮੁੱਖ ਮੰਤਰੀ ਨੂੰ ਸੂਬੇ ਦੇ ਹਾਲਾਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਪੰਜਾਬ ਵਿਚ ਵਿਦੇਸ਼ੀ ਨਿਵੇਸ਼ ਲਿਆਉਣ ਦੇ ਦਾਅਵਿਆਂ ਦਾ ਠੋਸ ਨਤੀਜਾ ਕੀ ਨਿਕਲਿਆ ਹੈ। ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ, ਐਸ.ਸੀ. ਵਿੰਗ ਗੁਲਜ਼ਾਰ ਸਿੰਘ ਰਣੀਕੇ, ਰਵਿੰਦਰ ਸਿੰਘ ਖੇੜਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਤੇਜਿੰਦਰ ਸਿੰਘ ਨਿੱਝਰ, ਪ੍ਰਭਜੋਤ ਸਿੰਘ ਧਾਲੀਵਾਲ, ਮਨਜੀਤ ਸਿੰਘ ਮਲਿਕਪੁਰ, ਗੁਰਸੇਵਕ ਸਿੰਘ ਸ਼ੇਖ਼ ਆਦਿ ਹਾਜ਼ਰ ਸਨ।