ਐੱਸ. ਏ. ਐੱਸ. ਨਗਰ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਵਿਚ ਪਹਿਲੀ ਵਾਰ ਕਰਵਾਏ ਜਾਣ ਵਾਲੇ ਵੱਕਾਰੀ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦੀ ਸ਼ੁਰੂਆਤ ਅੱਜ ਮੁਹਾਲੀ ਦੇ ਫੇਜ਼-10 ਸਥਿਤ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਤੋਂ ਹੋਈ। ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸਾਬਕਾ ਭਾਰਤੀ ਹਾਕੀ ਕਪਤਾਨ ਰਾਜਪਾਲ ਸਿੰਘ ਹੁੰਦਲ ਤੇ ਉਲੰਪੀਅਨ ਪ੍ਰਭਜੋਤ ਸਿੰਘ ਸਮੇਤ ਕਈ ਖੇਡ ਹਸਤੀਆਂ ਮੌਜੂਦ ਸਨ। ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਲੋਕਾਂ ਵਿਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਟਰਾਫ਼ੀ ਟੂਰ 18 ਅਕਤੂਬਰ ਨੂੰ ਐੱਸ.ਏ.ਐੱਸ. ਨਗਰ ਤੋਂ ਫ਼ਤਹਿਗੜ੍ਹ ਸਾਹਿਬ ਹੁੰਦਾ ਹੋਇਆ ਪਟਿਆਲਾ ਪਹੁੰਚੇਗਾ, ਜਿੱਥੇ ਰਾਤ ਦਾ ਠਹਿਰਾਅ ਹੋਵੇਗਾ। 19 ਅਕਤੂਬਰ ਨੂੰ ਟਰਾਫ਼ੀ ਸਵੇਰੇ 8 ਵਜੇ ਮਾਲੇਰਕੋਟਲਾ, ਦੁਪਹਿਰ 12 ਵਜੇ ਬਰਨਾਲਾ ਅਤੇ ਸ਼ਾਮ 5 ਵਜੇ ਸੰਗਰੂਰ ਪਹੁੰਚੇਗੀ। ਇਸ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਟੂਰ ਜਾਰੀ ਰਹੇਗਾ ਅਤੇ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਕੀਤੇ ਯਤਨਾਂ ਦਾ ਜ਼ਿਕਰ ਕਰਦਿਆਂ ਇਸਨੂੰ ਸੂਬੇ ਦੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਦੱਸਿਆ । ਉਨ੍ਹਾਂ ਅਨੁਸਾਰ, ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ। ਜਲੰਧਰ ਵਿਚ 27 ਅਕਤੂਬਰ ਤੋਂ 2 ਨਵੰਬਰ ਤੱਕ 6 ਦੇਸ਼ਾਂ ਦੀਆਂ ਟੀਮਾਂ ਵਿਚਕਾਰ ਲੀਗ ਮੈਚ ਹੋਣਗੇ, ਜਦਕਿ ਮੁਹਾਲੀ ਵਿਚ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੈਚ ਅਤੇ ਫਾਈਨਲ ਖੇਡਿਆ ਜਾਵੇਗਾ। ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਤੇ ਮਲੇਸ਼ੀਆ ਦੀਆਂ ਟੀਮਾਂ ਇਸ ਮੁਕਾਬਲੇ ਵਿਚ ਹਿੱਸਾ ਲੈਣਗੀਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਦੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਟੇਡੀਅਮ ਵਿਚ ਮੁੱਢਲੇ ਨਵੀਨੀਕਰਨ ਤੇ ਮੁਰੰਮਤ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਰਾਜਪਾਲ ਸਿੰਘ ਹੁੰਦਲ ਅਤੇ ਪ੍ਰਭਜੋਤ ਸਿੰਘ ਨੇ ਵੀ ਪੰਜਾਬ ਵਿੱਚ ਅਜਿਹੇ ਕੌਮਾਂਤਰੀ ਮੁਕਾਬਲੇ ਕਰਵਾਏ ਜਾਣ ਨੂੰ ਮਾਣ ਵਾਲੀ ਗੱਲ ਦੱਸਿਆ। ਸਮਾਗਮ ਤੋਂ ਪਹਿਲਾਂ ਪੀ.ਆਈ.ਐੱਸ. ਵਾਰੀਅਰਜ਼ ਤੇ ਪੀ.ਆਈ.ਐੱਸ. ਮੁਹਾਲੀ ਵਿਚਕਾਰ ਪ੍ਰਦਰਸ਼ਨੀ ਮੈਚ ਖੇਡਿਆ ਗਿਆ, ਜਿਸ ਵਿਚ ਵਾਰੀਅਰਜ਼ ਨੇ 2-0 ਨਾਲ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਗਤਕੇ ਦੀ ਪੇਸ਼ਕਾਰੀ, ਵਿਦਿਆਰਥੀਆਂ ਵਲੋਂ ਭੰਗੜਾ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੇ ਬੈਂਡ ਨੇ ਸਮਾਗਮ ਦੀ ਰੌਣਕ ਵਧਾਈ। ਖੇਡ ਅਧਿਕਾਰੀਆਂ, ਕੋਚਾਂ ਤੇ ਖਿਡਾਰੀਆਂ ਦੀ ਹਾਜ਼ਰੀ ਵਿਚ ਟਰਾਫ਼ੀ ਨੂੰ ਸੂਬੇ ਭਰ ਦੇ ਦੌਰੇ ਲਈ ਰਵਾਨਾ ਕੀਤਾ।