ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ
ਚੰਡੀਗੜ੍ਹ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਦਰਮਿਆਨ ਕਾਂਗਰਸ ਨੂੰ ਝਟਕਾ ਲੱਗਾ ਹੈ।
ਸ
ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹੋਏ। ਅਜੀਤ ਤਸਵੀਰ
26-10-2026
ਚੰਡੀਗੜ੍ਹ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਦਰਮਿਆਨ ਕਾਂਗਰਸ ਨੂੰ ਝਟਕਾ ਲੱਗਾ ਹੈ। ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਆਵਲਾ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਮੌਜੂਦ ਸਨ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਕਾਂਗਰਸ ਲਈ ਅਹਿਮ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਖ਼ੁਸ਼ੀ ਦੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਚੰਗੀਆਂ ਹੁੰਦੀਆਂ ਹਨ, ਪਰ ਕਈ ਵਾਰ ਉਨ੍ਹਾਂ ਵਿਚ ਚੰਗੇ ਤੇ ਮਾੜੇ ਆਗੂ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਮੁੱਖ ਕਾਰਨ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਹੈ। ਆਵਲਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਇੱਕ ਮਜ਼ਬੂਤ ਖੇਤਰੀ ਪਾਰਟੀ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਅਜਿਹੇ ਆਗੂ ਹਨ, ਜੋ ਪੰਜਾਬੀਆਂ ਦੇ ਦਰਦ ਨੂੰ ਸਮਝਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਉਨ੍ਹਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਲੋਂ ਸਰਕਾਰ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਪੁੱਛੇ ਜਾਣ ’ਤੇ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਇਨ੍ਹਾਂ ਦਾਅਵਿਆਂ ਦੀ ਅਸਲੀਅਤ ਚੋਣ ਨਤੀਜਿਆਂ ਤੋਂ ਸਾਹਮਣੇ ਆਵੇਗੀ। ਰਮਿੰਦਰ ਸਿੰਘ ਆਵਲਾ ਅੱਠ ਸਾਲ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰਹੇ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਸਾਲ 2019 ਵਿਚ ਉਨ੍ਹਾਂ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਲੜੀ ਸੀ। ਸਾਲ 2021 ਵਿਚ ਉਨ੍ਹਾਂ ਨੂੰ ਕਾਂਗਰਸ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਸੀ, ਪਰ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਲੋਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਆਵਲਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਜਲਾਲਾਬਾਦ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਕਾਂਗਰਸ ਲਈ ਆਪਣੇ ਸਥਾਨਕ ਸਿਆਸੀ ਆਧਾਰ ਨੂੰ ਕਾਇਮ ਰੱਖਣਾ ਚੁਣੌਤੀਪੂਰਨ ਹੋ ਸਕਦਾ ਹੈ।