ਹੁਕਮਨਾਮਿਆਂ ਤੋਂ ਮੁਨਕਰ ਹੋਣ ਵਾਲੇ ਪਹਿਲਾਂ ਪੰਥ ਤੋਂ ਮੁਆਫ਼ੀ ਮੰਗਣ-ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਹੁਦਿਆਂ ਦੀ ਲਾਲਸਾ ਨੂੰ ਪੰਥਕ ਏਕਤਾ ਦਾ ਨਾਂਅ ਨਹੀਂ ਦਿੱਤਾ ਜਾ ਸਕਦਾ ।
ਚੰਡੀਗੜ੍ਹ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਹੁਦਿਆਂ ਦੀ ਲਾਲਸਾ ਨੂੰ ਪੰਥਕ ਏਕਤਾ ਦਾ ਨਾਂਅ ਨਹੀਂ ਦਿੱਤਾ ਜਾ ਸਕਦਾ । ਉਨ੍ਹਾਂ ਦੋਸ਼ ਲਾਇਆ ਕਿ ਕੁਝ ਆਗੂਆਂ ਨੇ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮਿਆਂ ਨੂੰ ਨਜ਼ਰਅੰਦਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਅਤੇ ਪੰਥਕ ਏਕਤਾ ਦੀ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾਇਆ। ਗਿਆਨੀ ਹਰਪ੍ਰੀਤ ਸਿੰਘ ਅਨੁਸਾਰ, ਉਸ ਸਮੇਂ ਲਿਆ ਗਿਆ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਅਤੇ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਸੋਚ-ਵਿਚਾਰ ਕੇ ਲਿਆ ਗਿਆ ਸੀ, ਜਿਸ ਨੂੰ ਸਮੁੱਚੇ ਪੰਥ ਨੇ ਪ੍ਰਵਾਨ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਆਗੂਆਂ ਨੇ ਪੰਜ ਸਿੰਘ ਸਾਹਿਬਾਨ ’ਤੇ ਸਾਜ਼ਿਸ਼ ਦੇ ਦੋਸ਼ ਲਾਏ ਤੇ ਬਾਅਦ ਵਿਚ ਜਥੇਦਾਰਾਂ ਨੂੰ ਅਹੁਦਿਆਂ ਤੋਂ ਲਾਂਭੇ ਕਰਕੇ ਬੇਇੱਜ਼ਤ ਕੀਤਾ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਅਨੁਸਾਰ ਭਰਤੀ ਪ੍ਰਕਿਰਿਆ ਰਾਹੀਂ ਲੋਕਤੰਤਰੀ ਢੰਗ ਨਾਲ ਕੋਈ ਵੀ ਪ੍ਰਧਾਨ ਚੁਣਿਆ ਜਾ ਸਕਦਾ ਸੀ । ਉਨ੍ਹਾਂ ਦੇ ਦੋਸ਼ ਅਨੁਸਾਰ, ਕੁਝ ਆਗੂਆਂ ਨੇ ਪ੍ਰਧਾਨਗੀ ਦੀ ਲਾਲਸਾ ਕਾਰਨ ਹੁਕਮਨਾਮਿਆਂ ਦੀ ਪਾਲਣਾ ਨਹੀਂ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਸਬੰਧਿਤ ਆਗੂਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਪੰਥਕ ਏਕਤਾ ਲਈ ਗੰਭੀਰ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਅਤੇ ਪੰਥ ਤੋਂ ਮੁਆਫ਼ੀ ਮੰਗਣ। ਉਨ੍ਹਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਵੀ ਬਿਆਨ ਦੇਣ ਸਮੇਂ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਤੇ ਸਪੱਸ਼ਟ ਕੀਤਾ ਕਿ ਪਾਰਟੀ ਨੀਤੀ ਤੋਂ ਬਾਹਰ ਦਿੱਤੇ ਬਿਆਨ ਸਬੰਧਿਤ ਆਗੂਆਂ ਦੇ ਨਿੱਜੀ ਵਿਚਾਰ ਹਨ।