40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ ਆਪ ’ ’ ਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ - ਅਮਨ ਅਰੋੜਾ ਚੰਨੀ ਨੂੰ ਐਲਾਨੇ ਗਏ 40 ਹਲਕਿਆਂ ’ਚੋਂ ਕਿਸੇ ਵੀ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 1 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ਼ ਵਿਰੋਧੀਆਂ ਵਲੋਂ ਪਾਰਟੀ ਵਿਚ ਫੁੱਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬੇਬੁਨਿਆਦ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ।
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 1 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ਼ ਵਿਰੋਧੀਆਂ ਵਲੋਂ ਪਾਰਟੀ ਵਿਚ ਫੁੱਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬੇਬੁਨਿਆਦ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਅਰੋੜਾ ਨੇ ਕਿਹਾ ਕਿ ਵਿਰੋਧੀਆਂ ਵਲੋਂ ਪਾਰਟੀ ਦੀ ਇਕਜੁੱਟਤਾ ਬਾਰੇ ਭਰਮ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਪਹਿਲੀ ਸੂਚੀ ਦੇ ਐਲਾਨ ਨੇ ਇਨ੍ਹਾਂ ਚਰਚਾਵਾਂ ਨੂੰ ਵਿਰਾਮ ਲਗਾ ਦਿੱਤਾ ਹੈ। ਪਹਿਲੀ ਸੂਚੀ ਵਿਚ ਉਨ੍ਹਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂਅ ਸ਼ਾਮਿਲ ਨਾ ਹੋਣ ਸੰਬੰਧੀ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਉਨ੍ਹਾਂ ਦੋਵਾਂ ਨੇ ਖ਼ੁਦ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀਆਂ ਉਮੀਦਵਾਰੀਆਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇ ਅਤੇ ਪਹਿਲਾਂ ਹੋਰ ਮਿਹਨਤੀ ਸਾਥੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਹਾਰ ਬਾਰੇ ਕੀਤੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਇਨ੍ਹਾਂ 40 ਹਲਕਿਆਂ ਵਿਚੋਂ ਆਪਣੀ ਪਸੰਦ ਦੇ ਕਿਸੇ ਵੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਰੁੱਧ ਚੋਣ ਲੜ ਕੇ ਲੋਕਾਂ ਦਾ ਫ਼ੈਸਲਾ ਦੇਖ ਲੈਣ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਅੰਤਿਮ ਫ਼ੈਸਲਾ ਲੋਕਾਂ ਨੇ ਕਰਨਾ ਹੁੰਦਾ ਹੈ। ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਮੰਦਭਾਗਾ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਰਿਵਾਰ ਦੀ ਮੰਗ ਅਨੁਸਾਰ ਸਰਕਾਰ ਵਲੋਂ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ ਅਤੇ ਇਕ ਉੱਚ ਪੱਧਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ।