ਪੰਜਾਬ ਵਾਸੀ ਭਾਜਪਾ ਨੂੰ ਸੱਤਾ ’ਚ ਲਿਆਉਣ ਲਈ ਤਿਆਰ-ਨਾਇਬ ਸਿੰਘ ਸੈਣੀ
ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸੱਤਾ ’ਚ ਲਿਆਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਚੋਣਾਂ ਲੜੇਗੀ ਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।
ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸੱਤਾ ’ਚ ਲਿਆਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਚੋਣਾਂ ਲੜੇਗੀ ਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਏਜੰਡਾ ਹਰਿਆਣਾ ਦੀ ਤਰਜ਼ ’ਤੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ’ਤੇ ਕੇਂਦਰਿਤ ਹੋਵੇਗਾ। ਨਾਇਬ ਸਿੰਘ ਸੈਣੀ ਅੱਜ ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਦੇ 116ਵੇਂ ਸਾਲਾਨਾ ਸਮਾਗਮ ’ਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਕਿਸਾਨ ਆਪਣੀਆਂ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ, ਲੋਕਾਂ ਦੀ ਸੁਰੱਖਿਆ ਖ਼ਤਰੇ ’ਚ ਹੈ ਤੇ ਸੂਬੇ’ ਚ ਨਸ਼ਿਆਂ ਦਾ ਕਾਰੋਬਾਰ ਸਿਖ਼ਰਾਂ ’ਤੇ ਪਹੁੰਚ ਚੁੱਕਾ ਹੈ। ਸੂਬੇ ’ਚੋਂ ਸਨਅਤਕਾਰਾਂ ਦਾ ਬਾਹਰ ਜਾਣਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਬਦਲਾਅ ਚਾਹੁੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਵਿਸ਼ਵਕਰਮਾ ਦੇ ਚਰਨਾਂ ’ਚ ਨਤਮਸਤਕ ਹੋ ਕੇ ਸਮਾਗਮ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮੰਦਿਰ ਦੇ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਪੀਐੱਮ ਵਿਸ਼ਵਕਰਮਾ ਯੋਜਨਾ ਰਾਹੀਂ ਰਵਾਇਤੀ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਨਵੀਂ ਪਛਾਣ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਤੇ ਆਤਮਨਿਰਭਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਸੰਸਦ ਮੈਂਬਰ ਅਸ਼ੋਕ ਮਿੱਤਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਵਿਜੈ ਸਾਂਪਲਾ, ਮੰਦਿਰ ਕਮੇਟੀ ਪ੍ਰਧਾਨ ਪ੍ਰਦੀਪ ਧੀਮਾਨ, ਗੁਰਮੁਖ ਸਿੰਘ ਨਾਮਧਾਰੀ ਤੇ ਸੁਖਜੀਤ ਬਾਂਸਲ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।