ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 20 ਨੂੰ-19 ਨੂੰ ਵਿਸ਼ਾਲ ਨਗਰ ਕੀਰਤਨ
ਘੁਮਾਣ, 10 ਨਵੰਬਰ (ਬੰਮਰਾਹ, ਬਾਵਾ)- ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਘੁਮਾਣ ਦੀ ਪਵਿੱਤਰ ਧਰਤੀ ’ਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਇਸ ਸਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਤੇ ਇਲਾਕੇ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ।
ਘੁਮਾਣ, 10 ਨਵੰਬਰ (ਬੰਮਰਾਹ, ਬਾਵਾ)- ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਘੁਮਾਣ ਦੀ ਪਵਿੱਤਰ ਧਰਤੀ ’ਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਇਸ ਸਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਤੇ ਇਲਾਕੇ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ । ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ ਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੇ ਦੱਸਿਆ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 19 ਨਵੰਬਰ ਨੂੰ ਸ੍ਰੀ ਨਾਮਦੇਵ ਦਰਬਾਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ । 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਣਗੇ । ਸ਼ਾਮ 7 ਤੋਂ ਰਾਤ 11 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਪ੍ਰਚਾਰਕ ਹਾਜ਼ਰੀ ਭਰਨਗੇ। ਇਸੇ ਤਰ੍ਹਾਂ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ 18 ਤੋਂ 20 ਨਵੰਬਰ ਤੱਕ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਏ ਜਾਣਗੇ । ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਪ੍ਰਬੰਧਾਂ ਲਈ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਵੀ 18 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 20 ਨਵੰਬਰ ਨੂੰ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ । ਸੰਗਤਾਂ ਲਈ ਲੰਗਰ ਤੇ ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਭੱਟੀਵਾਲ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ।