ਹਲਕਾ ਬਰਨਾਲਾ ਤੋਂ ‘ਆਪ’ ਨੇ ਮੁੜ ਮੀਤ ਹੇਅਰ ’ਤੇ ਖੇਡੀ ਬਾਜ਼ੀ 2024 ਦੀ ਜਿਮਨੀ ਚੋਣ ’ਚ ਹੋਈ ਹਾਰ ਨੂੰ ਦੇਖਦਿਆਂ ਪਾਰਟੀ ਨੇ ਲਿਆ ਫੈਸਲਾ
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਇਕ ਵਾਰ ਫਿਰ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ਵਿਚ ਉਤਾਰਨ ਦੇ ਫ਼ੈਸਲੇ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪਾਰਟੀ ਵਲੋਂ ਮੀਤ ਹੇਅਰ ’ਤੇ ਮੁੜ ਭਰੋਸਾ ਪ੍ਰਗਟਾਉਣ ਨਾਲ ਜਿੱਥੇ ਉਨ੍ਹਾਂ ਦੀ ਹਲਕੇ ਵਿਚ ਸਿਆਸੀ ਪਕੜ ਅਤੇ ਜਿੱਤਣ ਦੀ ਸਮਰੱਥਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਉੱਥੇ ਹੀ ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਦੇ ਅੰਦਰ ਦੂਜੀ ਕਤਾਰ ਦੇ ਆਗੂਆਂ ਦੀ ਸਿਆਸੀ ਭੂਮਿਕਾ ਅਤੇ ਭਵਿੱਖ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਇਕ ਵਾਰ ਫਿਰ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ਵਿਚ ਉਤਾਰਨ ਦੇ ਫ਼ੈਸਲੇ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪਾਰਟੀ ਵਲੋਂ ਮੀਤ ਹੇਅਰ ’ਤੇ ਮੁੜ ਭਰੋਸਾ ਪ੍ਰਗਟਾਉਣ ਨਾਲ ਜਿੱਥੇ ਉਨ੍ਹਾਂ ਦੀ ਹਲਕੇ ਵਿਚ ਸਿਆਸੀ ਪਕੜ ਅਤੇ ਜਿੱਤਣ ਦੀ ਸਮਰੱਥਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਉੱਥੇ ਹੀ ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਦੇ ਅੰਦਰ ਦੂਜੀ ਕਤਾਰ ਦੇ ਆਗੂਆਂ ਦੀ ਸਿਆਸੀ ਭੂਮਿਕਾ ਅਤੇ ਭਵਿੱਖ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮੀਤ ਹੇਅਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹਲਕਾ ਬਰਨਾਲਾ ਤੋਂ ਚੋਣ ਲੜੀ ਸੀ ਅਤੇ 2432 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਵਿਧਾਨ ਸਭਾ ਵਿਚ ਪਹੁੰਚੇ ਸਨ। ਇਸ ਤੋਂ ਬਾਅਦ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੇ 37622 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਦਰਜ ਕਰਕੇ ਹਲਕੇ ਵਿਚ ਆਪਣੀ ਸਿਆਸੀ ਸਥਿਤੀ ਹੋਰ ਮਜ਼ਬੂਤ ਕੀਤੀ ਸੀ। ਪੰਜਾਬ ਵਿਚ ‘ਆਪ’ ਸਰਕਾਰ ਬਣਨ ਤੋਂ ਬਾਅਦ ਮੀਤ ਹੇਅਰ ਨੂੰ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ। ਪਰ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਸੰਗਰੂਰ ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ। ਮੀਤ ਹੇਅਰ ਨੇ ਲੋਕ ਸਭਾ ਚੋਣਾਂ ਵਿਚ 172582 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰ ਕੇ ਸੰਸਦ ਵਿਚ ਆਪਣੀ ਜਗ੍ਹਾ ਬਣਾਈ, ਜਿਸ ਕਾਰਨ ਬਰਨਾਲਾ ਹਲਕੇ ਦੀ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਇਸ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਵਲੋਂ ਮੀਤ ਹੇਅਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਅਤੇ ਮੌਜੂਦਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਸੀ ਪਰ ਉਹ ਚੋਣ ਜਿੱਤਣ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਹਾਰ ਤੋਂ ਬਾਅਦ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਮੀਤ ਹੇਅਰ ਨੂੰ ਹੀ ਉਮੀਦਵਾਰ ਬਣਾਉਣ ਦੇ ਫ਼ੈਸਲੇ ਨੂੰ ਸਿਆਸੀ ਨਜ਼ਰਈਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਵਿਰੋਧੀ ਰਾਜਨੀਤਕ ਪਾਰਟੀਆਂ ਵਲੋਂ ‘ਆਪ’ ਦੇ ਇਸ ਫ਼ੈਸਲੇ ਨੂੰ 2027 ਦੀਆਂ ਚੋਣਾਂ ਦੌਰਾਨ ਵੱਡੇ ਮੁੱਦੇ ਵਜੋਂ ਉਭਾਰੇ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰਾਂ ਵਲੋਂ ਇਹ ਸਵਾਲ ਉਠਾਇਆ ਜਾ ਸਕਦਾ ਹੈ ਕਿ ਮੀਤ ਹੇਅਰ ਇਸ ਸਮੇਂ ਹਲਕਾ ਸੰਗਰੂਰ ਦੇ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਲੋਕਾਂ ਨੇ ਕੇਂਦਰੀ ਪੱਧਰ ’ਤੇ ਆਪਣੀ ਨੁਮਾਇੰਦਗੀ ਕਰਨ ਲਈ ਚੁਣਿਆ ਹੈ। ਅਜਿਹੇ ਵਿਚ ਲੋਕ ਸਭਾ ਮੈਂਬਰ ਹੁੰਦਿਆਂ ਉਨ੍ਹਾਂ ਨੂੰ ਮੁੜ ਵਿਧਾਨ ਸਭਾ ਦੀ ਚੋਣ ਲੜਾਉਣ ਦਾ ਫ਼ੈਸਲਾ ਕਿੰਨਾ ਜਾਇਜ਼ ਹੈ ਅਤੇ ਕੀ ਇਹ ਹਲਕੇ ਦੇ ਵੋਟਰਾਂ ਨਾਲ ਇਨਸਾਫ਼ ਹੋਵੇਗਾ?