2027 ਦੀ ਚੋਣ ਜੰਗ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤਕ ਟੀਮ ਖੰਨਾ ਨੂੰ ਚੋਣ ਮਨੋਰਥ ਪੱਤਰ ਤੇ ਜਾਖੜ ਨੂੰ ਸਿਆਸੀ ਚਾਰਜਸ਼ੀਟ ਤਿਆਰ ਕਰਨ ਦੀ ਸੌਂਪੀ ਅਹਿਮ ਜ਼ਿੰਮੇਵਾਰੀ
ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 15 ਨਵੰਬਰ-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਭਖਣ ਤੋਂ ਪਹਿਲਾਂ ਹੀ ਭਾਜਪਾ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵਿਰੁੱਧ ਸਿਆਸੀ ਦੋਸ਼ਪੱਤਰ ਤਿਆਰ ਕਰਨ ਲਈ ਦੋ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ।
ਚੰਡੀਗੜ੍ਹ, 15 ਨਵੰਬਰ-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਭਖਣ ਤੋਂ ਪਹਿਲਾਂ ਹੀ ਭਾਜਪਾ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵਿਰੁੱਧ ਸਿਆਸੀ ਦੋਸ਼ਪੱਤਰ ਤਿਆਰ ਕਰਨ ਲਈ ਦੋ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਦੀ ਅਗਵਾਈ ਕ੍ਰਮਵਾਰ ਅਵਿਨਾਸ਼ ਰਾਏ ਖੰਨਾ ਅਤੇ ਸੁਨੀਲ ਜਾਖੜ ਕਰਨਗੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਅਨੁਸਾਰ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੂਬਾ ਮੈਨੀਫ਼ੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ’ਚ ਕਮੇਟੀ ਦੇ ਮੈਂਬਰਾਂ ਵਿਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰਣੀ ਮੈਂਬਰ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੁਰਮੀਤ ਸਿੰਘ ਸੋਢੀ, ਅਸ਼ਵਨੀ ਸ਼ੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਅਤੇ ਐਡਵੋਕੇਟ ਐਚ. ਐਸ. ਫੂਲਕਾ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤਰ੍ਹਾਂ ਚੇਅਰਮੈਨ ਸਮੇਤ ਕੁੱਲ 13 ਮੈਂਬਰਾਂ ਵਾਲੀ ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦਿਆਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਚੋਣ ਮਨੋਰਥ ਪੱਤਰ ਵਿਚ ਥਾਂ ਦੇਣ ਲਈ ਕੰਮ ਕਰੇਗੀ। ਇਸੇ ਤਰ੍ਹਾਂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸੂਬਾ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਕਮੇਟੀ ਵਿਚ ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਡਾ. ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐਸ. ਐਸ. ਚੰਨੀ ਅਤੇ ਜਗਮੀਤ ਸਿੰਘ ਬਰਾੜ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਸ ਕਮੇਟੀ ਵਿਚ ਚੇਅਰਮੈਨ ਸਮੇਤ ਕੁੱਲ 14 ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿਆਸੀ ਹਲਕਿਆਂ ਵਿਚ ਚਾਰਜਸ਼ੀਟ ਕਮੇਟੀ ਦੇ ਗਠਨ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਮੇਟੀ ਵਲੋਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਾਅਦਿਆਂ, ਸਰਕਾਰੀ ਫ਼ੈਸਲਿਆਂ ਅਤੇ ਵੱਖ-ਵੱਖ ਖੇਤਰਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਉਸ ਦੇ ਆਧਾਰ ’ਤੇ ਸਿਆਸੀ ਦੋਸ਼ਪੱਤਰ ਤਿਆਰ ਕੀਤਾ ਜਾਵੇਗਾ। ਇਸ ਰਾਹੀਂ ਭਾਜਪਾ ਵਲੋਂ ਆਗਾਮੀ ਚੋਣਾਂ ਵਿਚ ਸੱਤਾਧਾਰੀ ਧਿਰ ਨੂੰ ਘੇਰਨ ਲਈ ਮੁੱਦੇ ਉਭਾਰੇ ਜਾਣਗੇ। ਦੂਜੇ ਪਾਸੇ ਮੈਨੀਫੈਸਟੋ ਕਮੇਟੀ ਦੀ ਜ਼ਿੰਮੇਵਾਰੀ ਵੀ ਅਹਿਮ ਮੰਨੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮੁਲਾਜ਼ਮਾਂ, ਔਰਤਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਲੋਂ ਆਪਣਾ ਚੋਣ ਏਜੰਡਾ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਲੋਂ ਕੁਝ ਹੋਰ ਅਹਿਮ ਕਮੇਟੀਆਂ ਦਾ ਵੀ ਐਲਾਨ ਕੀਤਾ ਜਾਵੇਗਾ।