ਪੁੱਤਰ ਵਲੋਂ ਪਿਤਾ ਦਾ ਕਿਰਚਾਂ ਮਾਰ ਕੇ ਕਤਲ
ਅਮਰਕੋਟ (ਤਰਨ ਤਾਰਨ), 15 ਨਵੰਬਰ (ਭੱਟੀ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਵਿਖੇ ਘਰੇਲੂ ਕਲੇਸ਼ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦੋਂ ਇਕ 50 ਸਾਲਾ ਵਿਅਕਤੀ ਦਾ ਉਸ ਦੇ ਪੁੱਤਰ ਵਲੋਂ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪਰਿਵਾਰ ਵਲੋਂ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਉਰਫ਼ ਲੱਭਾ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ’ਤੇ ਕਤਲ ਵਿਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਹਨ।
ਅਮਰਕੋਟ (ਤਰਨ ਤਾਰਨ), 15 ਨਵੰਬਰ (ਭੱਟੀ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਵਿਖੇ ਘਰੇਲੂ ਕਲੇਸ਼ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦੋਂ ਇਕ 50 ਸਾਲਾ ਵਿਅਕਤੀ ਦਾ ਉਸ ਦੇ ਪੁੱਤਰ ਵਲੋਂ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪਰਿਵਾਰ ਵਲੋਂ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਉਰਫ਼ ਲੱਭਾ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ’ਤੇ ਕਤਲ ਵਿਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਹਨ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਗੁਰਵਿੰਦਰ ਕੌਰ ਅਤੇ ਧੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹਰਪ੍ਰੀਤ ਸਿੰਘ ਉਰਫ਼ ਲੱਭਾ ਦਾ ਆਪਣੇ ਪਿਤਾ ਨਾਲ ਘਰੇਲੂ ਗੱਲਾਂ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਹਰਪ੍ਰੀਤ ਸਿੰਘ ਵਲੋਂ ਆਪਣੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਾਰਦਾਤ ਸਮੇਂ ਹਰਪ੍ਰੀਤ ਸਿੰਘ ਦੀ ਪਤਨੀ ਜਸਪ੍ਰੀਤ ਕੌਰ ਨੇ ਮ੍ਰਿਤਕ ਦੀਆਂ ਬਾਹਾਂ ਫੜੀਆਂ ਹੋਈਆਂ ਸਨ, ਜਦਕਿ ਹਰਪ੍ਰੀਤ ਸਿੰਘ ਉਰਫ਼ ਲੱਭਾ ਨੇ ਉਸ ’ਤੇ ਕਿਰਚਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵਲਟੋਹਾ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਲੱਖਾ (50) ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਵਲਟੋਹਾ ਵਜੋਂ ਹੋਈ ਹੈ।