ਐੱਸ.ਏ.ਐੱਸ. ਨਗਰ, 19 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਾਇਰ ਅਰਜ਼ੀ ’ਤੇ ਹੁਣ 21 ਨਵੰਬਰ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ਵਿਚ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਵਲੋਂ ਅਦਾਲਤ ਵਿਚ ਆਪਣਾ ਜਵਾਬ ਦਾਖ਼ਲ ਕੀਤਾ ਜਾਣਾ ਸੀ ਪਰ ਕੁਝ ਕਾਰਨਾਂ ਕਰਕੇ ਸੁਣਵਾਈ ਅੱਗੇ ਪਾ ਦਿੱਤੀ ਗਈ। ਮਜੀਠੀਆ ਨੇ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗੀ ਹੋਈ ਹੈ। ਉਨ੍ਹਾਂ ਵਲੋਂ ਯਾਤਰਾ ਦੇ ਮਕਸਦ ਅਤੇ ਮੰਜ਼ਿਲ ਸਮੇਤ ਹੋਰ ਵੇਰਵੇ ਸੀਲਬੰਦ ਲਿਫ਼ਾਫ਼ੇ ਵਿਚ ਅਦਾਲਤ ਨੂੰ ਸੌਂਪੇ ਗਏ ਹਨ। ਉਨ੍ਹਾਂ ਨੇ ਯਾਤਰਾ ਸੰਬੰਧੀ ਜਾਣਕਾਰੀ ਗੁਪਤ ਰੱਖਣ ਦੀ ਮੰਗ ਕਰਦਿਆਂ ਇਸਤਗਾਸਾ ਪੱਖ ਤੋਂ ਹਲਫ਼ਨਾਮਾ ਲੈਣ ਦੀ ਵੀ ਅਪੀਲ ਕੀਤੀ ਹੈ। 21 ਨਵੰਬਰ ਨੂੰ ਮੁਹਾਲੀ ਦੀ ਵਿਸ਼ੇਸ਼ ਭ੍ਰਿਸ਼ਟਾਚਾਰ ਰੋਕਥਾਮ ਅਦਾਲਤ ਵਿਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਸੁਣਵਾਈ ਵੀ ਹੋਵੇਗੀ। ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੂੰ 21 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਲਈ ਅਗਲੀ ਸੁਣਵਾਈ ਦੌਰਾਨ ਵਿਦੇਸ਼ ਜਾਣ ਦੀ ਅਰਜ਼ੀ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅਦਾਲਤ ਦੇ ਰੁਖ਼ ’ਤੇ ਲੋਕਾਂ ਦੀ ਨਜ਼ਰ ਬਣੀ ਰਹੇਗੀ।