ਨਸ਼ਿਆਂ ਦੀ ਦਲਦਲ ’ਚ ਫਸ ਰਹੀ ਜਵਾਨੀ ਨੂੰ ਬਚਾਉਣ ਲਈ ਪ੍ਰੀਤੀ ਸਪਰੂ ਆਈ ਅੱਗੇ
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹੁਣ ਫ਼ਿਲਮੀ ਜਗਤ ਦੀਆਂ ਸ਼ਖ਼ਸੀਅਤਾਂ ਵੀ ਆਪਣਾ ਯੋਗਦਾਨ ਪਾਉਣ ਲਈ ਅੱਗੇ ਆ ਰਹੀਆਂ ਹਨ। ਇਸੇ ਤਹਿਤ ਪ੍ਰਸਿੱਧ ਪੰਜਾਬੀ ਤੇ ਬਾਲੀਵੁੱਡ ਅਦਾਕਾਰਾ ਪ੍ਰੀਤੀ ਸਪਰੂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ’ਚ ਸਰਗਰਮ ਸਹਿਯੋਗ ਦੇਣ ਦੀ ਇੱਛਾ ਪ੍ਰਗਟਾਈ।
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹੁਣ ਫ਼ਿਲਮੀ ਜਗਤ ਦੀਆਂ ਸ਼ਖ਼ਸੀਅਤਾਂ ਵੀ ਆਪਣਾ ਯੋਗਦਾਨ ਪਾਉਣ ਲਈ ਅੱਗੇ ਆ ਰਹੀਆਂ ਹਨ। ਇਸੇ ਤਹਿਤ ਪ੍ਰਸਿੱਧ ਪੰਜਾਬੀ ਤੇ ਬਾਲੀਵੁੱਡ ਅਦਾਕਾਰਾ ਪ੍ਰੀਤੀ ਸਪਰੂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ’ਚ ਸਰਗਰਮ ਸਹਿਯੋਗ ਦੇਣ ਦੀ ਇੱਛਾ ਪ੍ਰਗਟਾਈ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਪ੍ਰੀਤੀ ਸਪਰੂ ਨੇ ਸੂਬੇ ਦੇ ਨੌਜਵਾਨਾਂ ਵਿਚ ਵਧ ਰਹੀ ਨਸ਼ਿਆਂ ਦੀ ਲਤ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਤੱਕ ਸੀਮਤ ਨਹੀਂ, ਸਗੋਂ ਇਹ ਸਮੁੱਚੇ ਸਮਾਜ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਹੈ। ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰੀਤੀ ਸਪਰੂ ਵਲੋਂ ਇਸ ਸਮਾਜਿਕ ਉਦੇਸ਼ ਲਈ ਯੋਗਦਾਨ ਪਾਉਣ ਦੀ ਇੱਛਾ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਲਾ, ਸੱਭਿਆਚਾਰ ਅਤੇ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਸ਼ਮੂਲੀਅਤ ਨਾਲ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਅਜਿਹੀਆਂ ਸ਼ਖ਼ਸੀਅਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰ ਸਕਦੀਆਂ ਹਨ।