ਵਿਜੀਲੈਂਸ ਵਲੋਂ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਖਿਲਾਫ਼ ਲੁੱਕ ਆਊਟ ਨੋਟਿਸ ਵਾਪਸ ਲੈਣ ਤੋਂ ਇਨਕਾਰ
56 ਸ਼ਿਕਾਇਤਾਂ ਦੀ ਚਲ ਰਹੀ ਹੈ ਪੜਤਾਲ
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਰਿੱਟ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਖਿਲਾਫ਼ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਜਾਰੀ ਕੀਤਾ ਲੁੱਟ ਆਊਟ ਨੋਟਿਸ ਵਾਪਸ ਲਿਆ ਜਾਵੇ।
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਰਿੱਟ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਖਿਲਾਫ਼ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਜਾਰੀ ਕੀਤਾ ਲੁੱਟ ਆਊਟ ਨੋਟਿਸ ਵਾਪਸ ਲਿਆ ਜਾਵੇ। ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਐੱਸ.ਐੱਸ.ਪੀ ਜਗਪ੍ਰੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਆਪਣਾ ਹਲਫ਼ੀਆ ਬਿਆਨ ਦੇ ਕੇ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਕੁਲਪਤੀ ਅਤੇ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀਆਂ ਖਿਲਾਫ਼ ਉਨ੍ਹਾਂ ਨੂੰ 56 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ’ਚੋਂ ਬਹੁਤੀਆਂ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਰਸ਼ ਸੱਚਰ ਵਲੋਂ ਕੀਤੀਆਂ ਗਈਆਂ ਸਨ। ਵਿਜੀਲੈਂਸ ਅਧਿਕਾਰੀ ਨੇ ਆਪਣੇ ਹਲਫ਼ੀਆ ਬਿਆਨ ਵਿਚ ਕਿਹਾ ਹੈ ਕਿ ਹੁਣ ਤੱਕ 35 ਸ਼ਿਕਾਇਤਾਂ ਦੀ ਪੜਤਾਲ ਮੁਕੰਮਲ ਹੋ ਚੁੱਕੀ ਹੈ ਜਦੋਂਕਿ 21 ਸ਼ਿਕਾਇਤਾਂ ਦੀ ਪੜਤਾਲ ਚੱਲ ਰਹੀ ਹੈ ਅਤੇ ਇਸ ਵਾਸਤੇ ਵਿਜੀਲੈਂਸ ਦੀ ਮਾਹਿਰ ਟੀਮ ਲੱਗੀ ਹੋਈ ਹੈ। ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਨੂੰ ਦੱਸਿਆ ਕਿ ਜੇਕਰ ਸਾਬਕਾ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੂੰ ਵਿਦੇਸ਼ ਜਾਣ ਦੀ ਆਗਿਆ ਮਿਲਦੀ ਹੈ ਤਾਂ ਵਿਜੀਲੈਂਸ ਦੀ ਪੜਤਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਅਤੇ ਰਾਜੀਵ ਸੂਦ ਦੇ ਦੇਸ਼ ’ਚੋਂ ਭੱਜਣ ਦੇ ਆਸਾਰ ਹਨ, ਇਸ ਲਈ ਉਸ ਖਿਲਾਫ਼ ਜਾਰੀ ਲੁੱਟ ਆਊਟ ਨੋਟਿਸ ਵਾਪਸ ਨਹੀਂ ਲਿਆ ਜਾ ਸਕਦਾ। ਇਸ ਮਾਮਲੇ ਦਾ ਫੈਸਲਾ ਹੁਣ ਹਾਈਕੋਰਟ 1 ਦਸੰਬਰ ਨੂੰ ਕਰੇਗੀ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਸਾਬਕਾ ਉਪ ਕੁਲਪਤੀ ਸਮੇਤ ਯੂਨੀਵਰਸਿਟੀ ਦੇ 24 ਅਧਿਕਾਰੀਆਂ ਖਿਲਾਫ਼ ਪੜਤਾਲ ਕਰ ਰਹੀ ਹੈ। ਸਾਬਕਾ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਜਾਂਚ ’ਚ ਪੂਰਾ ਸਹਿਯੋਗ ਕੀਤਾ ਹੈ ਅਤੇ ਉਹ ਕਿਸੇ ਵੀ ਤਰ੍ਹਾ ਦੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਉਨ੍ਹਾਂ ਖਿਲਾਫ਼ ਲਾਏ ਗਏ ਇਲਜ਼ਾਮ ਬੇਬੁਨਿਆਦ ਹਨ।