ਆਈ.ਏ.ਐਸ ਅਧਿਕਾਰੀ ਕੁਮਾਰ ਰਾਹੁਲ ਦੀ ਗ਼ੈਰ-ਹਾਜ਼ਰੀ ਤੋਂ ਬਾਅਦ ਅੱਜ ਆਨੰਦ ਸਾਗਰ ਤੇ ਅਰੁਣ ਸੇਖੜੀ ਤੋਂ ਪੁੱਛਗਿੱਛ ਕਰੇਗੀ ਈ.ਡੀ.
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ.
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜਾਂਚ ਦਾ ਘੇਰਾ ਵਧਾਉਂਦਿਆਂ ਪੰਜਾਬ ਦੇ ਪ੍ਰਸ਼ਾਸਕੀ ਅਤੇ ਪੁਲਿਸ ਹਲਕਿਆਂ ਨਾਲ ਜੁੜੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨ ਆਈ.ਏ.ਐਸ. ਅਧਿਕਾਰੀ ਕੁਮਾਰ ਰਾਹੁਲ ਦੀ ਗ਼ੈਰ-ਹਾਜ਼ਰੀ ਤੋਂ ਬਾਅਦ ਅੱਜ ਫ਼ਰੀਦਕੋਟ ਦੇ ਡਵੀਜ਼ਨਲ ਕਮਿਸ਼ਨਰ ਦੇ ਸਟਾਫ਼ ਅਫ਼ਸਰ ਪੀ.ਸੀ.ਐਸ. ਅਧਿਕਾਰੀ ਆਨੰਦ ਸਾਗਰ ਸ਼ਰਮਾ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਅਰੁਣ ਸੇਖੜੀ ਅਤੇ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਤੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਂਚ ਏਜੰਸੀ ਵਲੋਂ ਭੁੱਲਰ ਅਤੇ ਉਸ ਦੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਵਿਚਾਲੇ ਹੋਏ ਵਿੱਤੀ ਲੈਣ-ਦੇਣ ਅਤੇ ਵੱਖ-ਵੱਖ ਅਧਿਕਾਰੀਆਂ ਨਾਲ ਕਥਿਤ ਸੰਪਰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦਾ ਇਕ ਅਹਿਮ ਪਹਿਲੂ ਇਹ ਵੀ ਹੈ ਕਿ ਕੀ ਵਿਚੋਲੇ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਨੇੜਤਾ ਦੀ ਵਰਤੋਂ ਕਰਕੇ ਸਰਕਾਰੀ ਕੰਮਾਂ ਵਿਚ ਗ਼ੈਰ-ਵਾਜਬ ਲਾਭ ਲਿਆ ਜਾਂ ਦਿਵਾਇਆ ਜਾਂਦਾ ਸੀ। ਇਸ ਤੋਂ ਇਲਾਵਾ ਤਬਾਦਲਿਆਂ ਅਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ ਵਲੋਂ ਇਸ ਮਾਮਲੇ ਵਿਚ ਕੁੱਲ ਸੱਤ ਮੌਜੂਦਾ ਅਤੇ ਸੇਵਾਮੁਕਤ ਪ੍ਰਸ਼ਾਸਕੀ ਤੇ ਪੁਲਿਸ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਗਏ ਹਨ। ਇਨ੍ਹਾਂ ਵਿਚ ਕੁਮਾਰ ਰਾਹੁਲ, ਆਨੰਦ ਸਾਗਰ ਸ਼ਰਮਾ, ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ ਅਰੁਣ ਸੇਖੜੀ, ਨੀਰੂ ਕਤਿਆਲ ਗੁਪਤਾ, ਫਾਜ਼ਿਲਕਾ ਦੇ ਐੱਸ.ਐਸ.ਪੀ. ਗਗਨ ਅਜੀਤ ਸਿੰਘ, ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸ਼ਾਮਿਲ ਹਨ। ਹਾਲਾਂਕਿ ਜਾਂਚ ਏਜੰਸੀ ਵਲੋਂ ਸੰਮਨ ਜਾਰੀ ਕੀਤੇ ਜਾਣ ਜਾਂ ਕਿਸੇ ਵਿਅਕਤੀ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਨੂੰ ਉਸ ਦੇ ਦੋਸ਼ੀ ਹੋਣ ਦਾ ਸਬੂਤ ਨਹੀਂ ਮੰਨਿਆ ਜਾ ਸਕਦਾ। ਈਡੀ ਦੀ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਤੋਂ ਹੀ ਮਾਮਲੇ ਦੀ ਅਗਲੀ ਦਿਸ਼ਾ ਸਪੱਸ਼ਟ ਹੋਵੇਗੀ।