ਚਮਕੌਰ ਸਾਹਿਬ ਤੋਂ ‘ ਆਪ ’ ਦੇ ਮੌਜੂਦਾ ਵਿਧਾਇਕ ਡਾ . ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ’ ਚ ਸ਼ਾਮਿਲ ਸੁਖਬੀਰ ਨੇ ਕੀਤਾ ਸਵਾਗਤ
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) - ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ.
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) - ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਜਸਵੀਰ ਸਿੰਘ ਗੜ੍ਹੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਰਵਿੰਦਰ ਸਿੰਘ ਖੇੜਾ ਹਲਕਾ ਇੰਚਾਰਜ ਖਰੜ, ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਮੁਹਾਲੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਡਾ. ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਡਾ. ਚਰਨਜੀਤ ਸਿੰਘ ਦਾ ‘ਆਪ’ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਦਲ-ਬਦਲੀ ਦੇ ਤੇਜ਼ ਹੋ ਰਹੇ ਰੁਝਾਨ ਨੂੰ ਵੀ ਦਰਸਾਉਂਦਾ ਹੈ। ਖ਼ਾਸ ਗੱਲ ਇਹ ਹੈ ਕਿ ਚਮਕੌਰ ਸਾਹਿਬ ਹਲਕਾ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦਾ ਹੈ, ਜਿਥੋਂ 2022 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਕਾਂਗਰਸ ਦੇ ਦਿੱਗਜ ਆਗੂ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਾਤ ਦੇ ਕੇ ਸਿਆਸੀ ਹਲਕਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜਸਵੀਰ ਸਿੰਘ ਗੜ੍ਹੀ ਨੂੰ ਟਿਕਟ ਦਿੱਤੇ ਜਾਣ ਕਾਰਨ ਡਾ. ਚਰਨਜੀਤ ਸਿੰਘ ਪਾਰਟੀ ਦੀ ਲੀਡਰਸ਼ਿਪ ਤੋਂ ਨਾਰਾਜ਼ ਸਨ। ਮੌਜੂਦਾ ਵਿਧਾਇਕ ਹੋਣ ਦੇ ਬਾਵਜੂਦ ਟਿਕਟ ਸਬੰਧੀ ਪੈਦਾ ਹੋਈ ਇਸ ਸਥਿਤੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਵੱਖਰਾ ਰਾਹ ਅਖ਼ਤਿਆਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਚਮਕੌਰ ਸਾਹਿਬ ਹਲਕੇ ਵਿਚ ‘ਆਪ’ ਦੀ ਸਿਆਸੀ ਸਰਗਰਮੀ ਅਤੇ ਆਗਾਮੀ ਚੋਣਾਂ ਦੀ ਰਣਨੀਤੀ ਬਾਰੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ।