ਲੰਬੀ, 31 ਦਸੰਬਰ (ਮੇਵਾ ਸਿੰਘ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਅਬੁਲ ਖਰਾਣਾ 'ਚ ਇਕ ਨਸ਼ਾ ਤਸਕਰ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਢਾਹ ਦਿੱਤਾ ਗਿਆ | ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਦਾ ਸਪੱਸ਼ਟ ਪ੍ਰਗਟਾਵਾ ਹੈ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਧੀਨ ਅਬੁਲ ਖਰਾਣਾ ਪਿੰਡ ਵਿਚ ਕੀਤੀ ਗਈ ਇਹ ਕਾਰਵਾਈ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਲਈ ਸਖ਼ਤ ਚੇਤਾਵਨੀ ਹੈ ਕਿ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਗਈ ਸੰਪਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਇਨ੍ਹਾਂ ਕਾਰਵਾਈਆਂ ਦੀ ਸਥਾਨਕ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਨੇ ਦੱਸਿਆ ਕਿ ਇਹ ਇਮਾਰਤ ਨਾਜਾਇਜ਼ ਤਰੀਕੇ ਨਾਲ ਬਣਾਈ ਗਈ ਸੀ | ਡੀ.ਡੀ.ਪੀ.ਓ. ਵਲੋਂ ਇਸ ਮਾਮਲੇ ਨੂੰ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਸੀ | ਜਾਂਚ ਦੌਰਾਨ ਸਾਹਮਣੇ ਆਇਆ ਕਿ ਮਨਿੰਦਰ ਸਿੰਘ ਉਰਫ਼ ਮਨੀ ਵਾਸੀ ਅਬੁਲ ਖਰਾਣਾ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ 7 ਮੁਕੱਦਮੇ ਦਰਜ ਹਨ | ਸਮਰੱਥ ਅਥਾਰਟੀ ਤੋਂ ਮਨਜ਼ੂਰੀ ਪ੍ਰਾਪਤ ਕਰਨ ਉਪਰੰਤ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਇਹ ਗੈਰ-ਕਾਨੂੰਨੀ ਇਮਾਰਤ ਢਾਹੀ ਗਈ | ਇਸ ਮੌਕੇ 'ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਦੀ ਪੂਰੀ ਤਰ੍ਹਾਂ ਮਦਦ ਲਈ ਗਈ | ਇਸ ਸਬੰਧੀ ਅਭਿਮੰਨਿਊ ਰਾਣਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਅਨੁਸਾਰ 'ਮਿਸ਼ਨ ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਜ਼ਿਲ੍ਹੇ ਵਿਚ ਵਿਆਪਕ ਪੱਧਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ | ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਰਚਨਾ ਲਈ ਪੁਲਿਸ ਅਤੇ ਜਨਤਾ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਹਰਕਮਲ ਕੌਰ ਐਸ.ਪੀ. (ਐਚ), ਅੰਗਰੇਜ਼ ਸਿੰਘ, ਡੀ.ਐਸ.ਪੀ. (ਮਲੋਟ) ਆਦਿ ਮੌਜੂਦ ਸਨ |