ਫ਼ਰੀਦਕੋਟ, 31 ਦਸੰਬਰ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਮਾਨ ਦਾਸ ਜੀ ਅਤੇ ਸੰਤ ਬਾਬਾ ਈਸ਼ਰ ਗਿਰ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 58ਵਾਂ ਸਾਲਾਨਾ ਜੋੜ ਮੇਲਾ ਪਿੰਡ ਢੁੱਡੀ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ | ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸੰਤ ਮਹਾਂਪੁਰਖਾਂ ਦੀ ਬਾਣੀ, ਉਪਦੇਸ਼ਾਂ ਅਤੇ ਜੀਵਨ ਦਰਸ਼ਨ ਤੋਂ ਪ੍ਰੇਰਣਾ ਪ੍ਰਾਪਤ ਕੀਤੀ | ਮੇਲਾ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਕੋਟਕਪੂਰਾ ਸੂਰਜ, ਡੀ.ਆਰ.ਓ. ਲਵਪ੍ਰੀਤ ਕੌਰ ਅਤੇ ਜੀ.ਏ. ਗੁਰਕਿਰਨਦੀਪ ਸਿੰਘ ਨੂੰ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਮਾਜ ਪ੍ਰਤੀ ਯੋਗਦਾਨ ਲਈ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮੇਲਾ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਾ, ਸਾਂਝ ਅਤੇ ਸ਼ਾਂਤੀ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਗੁਰਪ੍ਰੀਤ ਮਾਨ, ਕੁਲਦੀਪ ਸੰਘਾ, ਗੁਰਪਾਲ ਮਾਨ, ਲਖਵੀਰ ਗਿੱਲ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ, ਸਮਾਜਿਕ ਸ਼ਖ਼ਸੀਅਤਾਂ ਅਤੇ ਸ਼ਰਧਾਲੂ ਵੱਡੀ ਗਿਣਤੀ 'ਚ ਹਾਜ਼ਰ ਸਨ |