ਮੋਗਾ, 1 ਜਨਵਰੀ (ਸੁਰਿੰਦਰਪਾਲ ਸਿੰਘ)-ਨਵਾਂ ਸਾਲ-2026 ਦੀ ਸ਼ੁੱਭ ਅਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਅਜੇ ਗਾਂਧੀ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ 'ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਅਜੇ ਗਾਂਧੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪ੍ਰਮਾਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2026 ਕੁਦਰਤੀ ਆਫ਼ਤਾਂ ਤੋਂ ਬਗੈਰ ਸੁੱਖੀ-ਸਾਂਦੀ ਬਤੀਤ ਹੋਵੇ | ਉਨ੍ਹਾਂ ਕਿਹਾ ਕਿ ਇਸ ਸਾਲ ਨੂੰ ਸਮਾਜਿਕ ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਮੋਗਾ, ਸੁਪਰਡੈਂਟ ਗਰੇਡ-1 ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਜੋਗਿੰਦਰ ਸਿੰਘ, ਜਨਰਲ ਸਕੱਤਰ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਰੱਖਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਜੈਦਕਾ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵੀ ਮੌਜੂਦ ਸਨ |