ਮੋਗਾ, 3 ਜਨਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ 270 ਗਰਾਮ ਹੈਰੋਇਨ ਸਮੇਤ ਇਕ ਸਮਗਲਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਕੋਟਕਪੂਰਾ ਬਾਈਪਾਸ ਗਿੱਲ ਰੋਡ ਦੇ ਮੋੜ 'ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਜੀਤ ਸਿੰਘ ਉਰਫ ਮੋਟਾ ਪੁੱਤਰ ਬਲਵਿੰਦਰ ਸਿੰਘ ਵਾਸੀ ਸਾਧਾਂਵਾਲੀ ਬਸਤੀ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਕੋਟਕਪੂਰਾ ਬਾਈਪਾਸ 'ਤੇ ਰੇਲਵੇ ਪੁਲ ਦੇ ਹੇਠਾਂ ਖੜ੍ਹਾ ਹੈ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 270 ਗਰਾਮ ਹੈਰੋਇਨ ਵੀ ਬਰਾਮਦ ਹੋਈ | ਉਸ ਖਿਲਾਫ ਥਾਣਾ ਸਿਟੀ ਸਾਊਥ ਵਿਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਗਿ੍ਫਤਾਰ ਨੌਜਵਾਨ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਜ਼ਿਕਰਯੋਗ ਹੈ ਕਿ ਗਿ੍ਫਤਾਰ ਦੋਸ਼ੀ 'ਤੇ ਨਸ਼ਾ ਤਸਕਰੀ ਦੇ ਪਹਿਲਾਂ ਵੀ ਨੌਂ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ |