ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ-ਐਡਵੋਕੇਟ ਰਵੀ ਗਰੇਵਾਲ
ਅਜੀਤ ਡੈਸਕ
05-01-2026
ਮੋਗਾ, 4 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਚ ਕੰਮ 'ਤੇ ਜਾ ਰਹੇ ਨੌਜਵਾਨ ਉਮਰਸੀਰ ਸਿੰਘ ਨੂੰ ਸ਼ਰਾਰਤੀ ਅਨਸਰਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਇਹ ਕੋਈ ਪਹਿਲੀ ਘਟਨਾ ਨਹੀਂ, ਸਗੋਂ ਆਏ ਦਿਨ ਲੋਕਾਂ ਦੇ ਪੁੱਤ ਮੌਤ ਦੇ ਘਾਟ ਉਤਾਰੇ ਜਾ ਰਹੇ ਹਨ ਅਤੇ ਸੂਬੇ 'ਚ 'ਆਪ' ਸਰਕਾਰ ਦੇ ਰਾਜ 'ਚ ਗੁੰਡਾ ਅਨਸਰ ਦਿਨੋਂ-ਦਿਨ ਵਧ ਫੁੱਲ ਰਹੇ ਹਨ ਅਤੇ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜੋ ਕਿ ਸੂਬੇ ਦੇ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਆਜ਼ਾਦ ਫ਼ਿਜ਼ਾ ਵਿਚ ਸਾਹ ਲੈਣਾ ਔਖਾ ਹੋ ਗਿਆ ਹੈ, ਕਾਰੋਬਾਰੀ ਲੋਕਾਂ ਨੂੰ ਧਮਕੀਆਂ ਅਤੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਸੂਬਾ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ | ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਤੇ ਸੂਬੇ ਨੂੰ ਅਮਨ ਪਸੰਦ ਸੂਬਾ ਬਣਾਇਆ ਜਾਵੇਗਾ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨਾਲ ਨਜਿੱਠਿਆ ਜਾਵੇਗਾ |