ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੀ ਹਾਜ਼ਰ ਹੋਏ | ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਲਈ ਕੀਤੀ | ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਮੋਰਚੇ ਦੇ ਸੱਦੇ 'ਤੇ ਜਨਤਕ ਲਾਮਬੰਦੀ ਕਰ ਕੇ ਘਰ-ਘਰ ਸੰਘਰਸ਼ ਦਾ ਸੁਨੇਹਾ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਕੇ ਦੋ ਵਰਕੀ ਪੈਂਫ਼ਲਿਟ ਵੰਡਣ ਤੋਂ ਇਲਾਵਾ ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰ ਕੇ ਜਨਤਕ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ | ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 16 ਜਨਵਰੀ ਨੂੰ ਡੀ.ਸੀ. ਦਫ਼ਤਰ ਮੋਗਾ ਵਿਖੇ ਇਕ ਦਿਨ ਦੇ ਵਿਸ਼ਾਲ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਚਾਰ ਲੇਬਰ ਕੋਡ ਰੱਦ ਕਰਨ, ਸਰਕਾਰੀ ਅਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਵੀ ਆਵਾਜ਼ ਚੁੱਕਣ ਦਾ ਫ਼ੈਸਲਾ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਵਿਰੁੱਧ ਧਾਰੀ ਚੁੱਪ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਨੂੰ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਲੋਕ ਵਿਰੋਧੀ ਕਦਮਾਂ ਦੀ ਪੈੜ 'ਚ ਪੈਰ ਧਰਨ ਦੇ ਸਮਾਨ ਕਦਮ ਕਰਾਰ ਦਿੱਤਾ | ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ ਨੇ ਆਖਿਆ ਕਿ ਕੌਮੀ ਮੋਰਚੇ ਵਲੋਂ ਦਿੱਤੇ ਗਏ ਰੋਸ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ 16 ਜਨਵਰੀ ਨੂੰ ਇਕ ਦਿਨ ਲਈ ਫ਼ਰੀ ਕੀਤੇ ਜਾ ਰਹੇ ਟੋਲ ਪਲਾਜ਼ੇ ਅਤੇ 26 ਜਨਵਰੀ ਨੂੰ ਭਾਜਪਾ ਦਫ਼ਤਰਾਂ ਦੇ ਘਿਰਾਓ ਤੇ ਧਰਨੇ ਵਿਚ ਵੀ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ |ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਬੇਅੰਤ ਸਿੰਘ ਮੱਲੇਆਣਾ, ਬੂਟਾ ਸਿੰਘ ਤਖਾਣਵੱਧ, ਅਜਮੇਰ ਸਿੰਘ ਛੋਟਾਘਰ, ਅਵਤਾਰ ਸਿੰਘ ਡਾਲਾ ਕਿਸਾਨ ਆਗੂ ਹਾਜ਼ਰ ਸਨ |