ਮੋਗਾ, 5 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦੇਸ਼ ਦੇ ਲੋਕਾਂ ਨੂੰ ਬਿਹਤਰ ਅਤੇ ਵਧੇਰੇ ਪ੍ਰਭਾਵਸ਼ਾਲੀ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸ਼ਾਸਨ 'ਚ ਜਵਾਬਦੇਹੀ ਤੇ ਪਾਰਦਰਸ਼ਤਾ ਲਿਆਉਣ ਲਈ ਭਾਜਪਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਦੇ ਮੌਕੇ 'ਤੇ ਹਰ ਜ਼ਿਲ੍ਹੇ ਵਿਚ ਸੁਸ਼ਾਸਨ ਦਿਵਸ ਮਨਾਇਆ | ਭਾਜਪਾ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਮੀਟਿੰਗ 'ਚ ਮੁੱਖ ਬੁਲਾਰੇ ਅਤੇ ਮਹਿਮਾਨ ਬੁਲਾਰੇ ਸਨ | ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸੁਸ਼ਾਸਨ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਲਈ ਪ੍ਰਸ਼ਾਸਨ ਤੋਂ ਬਿਹਤਰ ਸੇਵਾਵਾਂ ਪ੍ਰਾਪਤ ਕਰਨਾ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਉਣਾ ਮਹੱਤਵਪੂਰਨ ਸੀ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਸੁਸ਼ਾਸਨ ਦਿਵਸ 2014 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਨੂੰ ਇਕ ਕਾਰਜ ਦਿਵਸ ਘੋਸ਼ਿਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਸੁਸ਼ਾਸਨ ਦਿਵਸ ਦਾ ਮੁੱਖ ਉਦੇਸ਼ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਵਿਸ਼ਵਾਸ ਵਧਾਉਣਾ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਵਿਚ ਜਨਤਾ ਨੂੰ ਸ਼ਾਮਿਲ ਕਰਨਾ ਸੀ | ਸੁਸ਼ਾਸਨ ਦਿਵਸ ਦੇ ਸਬੰਧ 'ਚ ਭਾਜਪਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਦੇਣ ਲਈ ਦੇਸ਼ ਭਰ 'ਚ ਬੂਥ ਪੱਧਰ 'ਤੇ ਸਮਾਗਮ ਕੀਤਾ | ਸੁਸ਼ਾਸਨ ਦਿਵਸ ਬਾਰੇ ਵੀ ਜਨਤਕ ਜਾਗਰੂਕਤਾ ਪੈਦਾ ਕੀਤੀ ਗਈ | ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਸਿਧਾਂਤਾਂ ਅਤੇ ਕਾਰਜਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਸਿਰਫ਼ ਰਾਜਨੀਤਕ ਪ੍ਰਾਪਤੀਆਂ ਤੱਕ ਸੀਮਤ ਨਹੀਂ ਸੀ, ਉਨ੍ਹਾਂ ਨੇ ਰਾਸ਼ਟਰੀ ਏਕਤਾ, ਅਖੰਡਤਾ ਅਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਵੀ ਦਿੱਤਾ, ਜੋ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ |