ਮੋਗਾ, 6 ਜਨਵਰੀ (ਗੁਰਤੇਜ ਸਿੰਘ ਬੱਬੀ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦੇ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਜ਼ਿਲ੍ਹੇ ਦੀਆਂ ਸਮੂਹ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਖਾਸ ਕਰਕੇ ਸਿਵਲ ਹਸਪਤਾਲ 'ਚ ਹੀ ਕਰਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ 'ਚ ਮਾਹਿਰ ਡਾਕਟਰਾਂ ਅਤੇ ਪੂਰੀ ਤਰ੍ਹਾਂ ਸਿੱਖਿਅਤ ਨਰਸਿੰਗ ਸਟਾਫ, ਆਧੁਨਿਕ ਸਾਜੋ-ਸਮਾਨ ਅਤੇ ਐਮਰਜੈਂਸੀ ਸਹੂਲਤਾਂ ਉਪਲਬਧ ਹਨ, ਜਿਸ ਨਾਲ ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾਂਦੀ ਹੈ | ਜਣੇਪੇ ਦੌਰਾਨ ਆਉਣ ਵਾਲੀਆਂ ਕਿਸੇ ਵੀ ਸਮੱਸਿਆਵਾਂ ਨਾਲ ਨਜਿੱਠਣ ਲਈ ਹਸਪਤਾਲ ਪੂਰੀ ਤਰ੍ਹਾਂ ਤਿਆਰ ਹੈ | ਡਾ. ਮਹਿੰਦਰਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਜਣੇਪਾ ਕਰਵਾਉਣ ਨਾਲ ਮਹਿਲਾਵਾਂ ਨੂੰ ਜਨਨੀ ਸੁਰੱਖਿਆ ਯੋਜਨਾ ਅਤੇ ਹੋਰ ਸਰਕਾਰੀ ਸਕੀਮਾਂ ਦੇ ਲਾਭ ਵੀ ਮਿਲਦੇ ਹਨ ਅਤੇ ਆਰਥਿਕ ਲਾਭ ਵੀ ਮਿਲਦਾ ਹੈ | ਇਸ ਦੇ ਨਾਲ ਹੀ ਨਵਜੰਮੇ ਬੱਚੇ ਨੂੰ ਟੀਕਾਕਰਨ, ਮਾਂ ਨੂੰ ਬਾਅਦ ਦੀ ਸੰਭਾਲ ਅਤੇ ਪੋਸ਼ਣ ਸੰਬੰਧੀ ਸਲਾਹ ਵੀ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ-ਸਿੱਖਿਅਤ ਸੰਸਥਾਵਾਂ ਦੀ ਬਜਾਏ ਸਿਵਲ ਹਸਪਤਾਲ ਜਾਂ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਹੀ ਜਣੇਪਾ ਕਰਵਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਦੀ ਜਾਨ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਨਾ ਹੋਵੇ | ਇਸ ਮੌਕੇ ਉਨ੍ਹਾਂ ਨਾਲ ਡਾ. ਹਰਿੰਦਰ ਸਿੰਘ ਸੂਦ ਐਸ. ਐਮ. ਓ. ਵੀ ਹਾਜ਼ਰ ਸਨ |