ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਵੇਂ ਸਾਲ ਦੀ ਸ਼ਾਮ ਨੂੰ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ | ਮਾਨ ਸਰਕਾਰ ਨੇ ਨਵੇਂ ਸਾਲ ਦੀ ਸ਼ਾਮ ਨੂੰ ਸਿਹਤ ਖੇਤਰ ਵਿਚ ਵਿਸ਼ਵਾਸ ਦੀ ਇਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ | ਮੁੱਖ ਮੰਤਰੀ ਸਿਹਤ ਕਾਰਡ ਹਰ ਨਾਗਰਿਕ ਨੂੰ ਬਿਨਾਂ ਸ਼ਰਤ ਡਾਕਟਰੀ ਸੁਰੱਖਿਆ ਪ੍ਰਦਾਨ ਕਰੇਗਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਮੋਗਾ ਹਲਕੇ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਿਹਤ ਬੀਮਾ ਕਾਰਡਾਂ ਲਈ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ | ਬੀਮਾ ਕੰਪਨੀ ਦੀ ਚੋਣ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜੋ ਪੰਜਾਬ ਦੇ 6.5 ਮਿਲੀਅਨ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਇਲਾਜ ਲਈ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ | ਹਸਪਤਾਲ ਵਿਚ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਸਪਤਾਲਾਂ ਦੇ ਸਿਵਲ ਸਰਜਨਾਂ, ਐਸ.ਐਮ.ਓਜ, ਡਾਕਟਰਾਂ ਅਤੇ ਸਿਹਤ ਸਟਾਫ਼ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦੇ ਤੋਹਫ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਧੰਨਵਾਦ ਕੀਤਾ |