ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਜ ਮੋਗਾ ਦੇ ਵਾਰਡ ਨੰਬਰ 50 ਅਧੀਨ ਪੈਂਦੇ ਪਿੰਡ ਲੰਢੇਕੇ ਵਿਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਨਗਰ ਨਿਗਮ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਵਾਰਡ ਨਿਵਾਸੀਆਂ ਸਮੇਤ ਮੌਜੂਦ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਦੇ ਵਸਨੀਕਾਂ ਨੂੰ ਸਿਹਤ ਸੁਰੱਖਿਆ ਦੇ ਮਹੱਤਵਪੂਰਨ ਲਾਭ ਮਿਲਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕੋਈ ਆਮਦਨ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਭਰਤੀ ਹੋਣ 'ਤੇ ਸਕੀਮ ਕਾਰਡ ਨੂੰ ਕਿਰਿਆਸ਼ੀਲ ਕਰ ਦਿੱਤਾ ਜਾਵੇਗਾ ਤੇ ਆਮ ਨਾਗਰਿਕ, ਪੈਨਸ਼ਨਰ ਅਤੇ ਸਰਕਾਰੀ ਕਰਮਚਾਰੀ (ਸਾਰੇ ਪੰਜਾਬ ਵਾਸੀ) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਪੰਜਾਬ ਦੇ ਹਰ ਘਰ ਤੱਕ ਪਹੁੰਚਣਗੇ | ਇਸ ਮੌਕੇ ਵਾਰਡ ਨੰਬਰ 50 ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਸਮਾਗਮ 'ਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ |