ਬਾਘਾ ਪੁਰਾਣਾ, 31 ਜਨਵਰੀ (ਟਿੰਕੂ ਕਾਠਪਾਲ)-ਪਿੰਡ ਚੰਦ ਪੁਰਾਣਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਪਾਵਨ ਅਸਥਾਨ 'ਤੇ ਪਹੁੰਚਿਆ, ਜਿੱਥੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਸਿਰਫ ਸਮਾਗਮਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਹੀ ਸੱਚੀ ਸ਼ਰਧਾ ਪ੍ਰਗਟ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਬੁਰਾਈਆਂ ਅਤੇ ਗਲਤ ਰਾਹਾਂ ਤੋਂ ਬਚਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾ ਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨ ਦੀ ਲੋੜ ਹੈ | ਇਸ ਮੌਕੇ ਭਾਈ ਵੀਰ ਭਾਨ ਮਾਲਵਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਬਲਵਿੰਦਰ ਸਿੰਘ ਸਮੇਤ ਕਮੇਟੀ ਮੈਂਬਰ, ਸੇਵਾਦਾਰ, ਪੰਜ ਪਿਆਰੇ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਹਾਜ਼ਰ ਰਹੇ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |