ਬਾਘਾ ਪੁਰਾਣਾ, 2 ਫਰਵਰੀ (ਟਿੰਕੂ ਕਾਠਪਾਲ)-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿਚ ਜੁਟ ਗਿਆ ਹੈ | ਇਹ ਪ੍ਰਗਟਾਵਾ ਯੂਥ ਆਗੂ ਸੁਖਜੀਤ ਸਿੰਘ ਮਾਹਲਾ, ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਝੀਤੇ, ਯੂਥ ਸ਼ਹਿਰੀ ਪ੍ਰਧਾਨ ਅਕਾਲੀ ਦਲ ਰਾਮ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਦੇ ਪ੍ਰਧਾਨ ਗੁਰਦਿੱਤ ਸਿੰਘ ਢਿੱਲੋਂ ਵਲੋਂ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ ਗਿਆ | ਅਕਾਲੀ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸੂਬੇ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਸੂਬੇ ਵਿਚ ਮੁੜ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਆਗੂਆਂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਵਪਾਰੀ ਵਰਗ ਦੀ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਸੂਬੇ ਅੰਦਰ ਵਿਕਾਸ ਦੇ ਕਈ ਵੱਡੇ ਪ੍ਰੋਜੈਕਟ ਲਾਗੂ ਕੀਤੇ ਗਏ, ਜਿਸ ਦਾ ਲਾਭ ਹਰ ਵਰਗ ਨੂੰ ਮਿਲਿਆ |