ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)- ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਬੱਚਿਆਂ ਦੀ ਪ੍ਰੀਖਿਆ ਨੂੰ ਲੈ ਕੇ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਸਹਿਜ ਪਾਠਾਂ ਦੇ ਭੋਗ ਪਾਏ ਜਾਂਦੇ ਸਨ ਜਿਸ ਦੀ ਕੜੀ ਤਹਿਤ ਇਸ ਵਾਰ ਵੀ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਹਾਜ਼ਰੀ ਭਰੀ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚਲਦੀ ਹੈ ਅਤੇ ਸਮੇਂ-ਸਮੇਂ ਅਨੁਸਾਰ ਜਿੱਥੇ ਸਕੂਲ ਵਿਚ ਵੱਖ-ਵੱਖ ਗੁਰੂ ਸਾਹਿਬਾਨ ਦੇ ਪੁਰਬ ਮਨਾਏ ਜਾਂਦੇ ਹਨ, ਉੱਥੇ ਸਿੱਖ ਧਾਰਮਿਕ ਮਰਿਆਦਾ ਅਨੁਸਾਰ ਸਕੂਲ ਆਪਣੀ ਵਿੱਦਿਅਕ ਪ੍ਰਣਾਲੀ ਨੂੰ ਚਲਾਉਂਦਾ ਹੈ | ਇਸ ਮੌਕੇ ਉਨ੍ਹਾਂ ਪ੍ਰੀਖਿਆ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਪ੍ਰੀਖਿਆ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਣ ਤੇ ਉਹ ਜ਼ਿੰਦਗੀ ਵਿਚ ਅੱਗੇ ਵੱਧ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ |