ਬੱਧਨੀ ਕਲਾਂ, 4 ਫਰਵਰੀ (ਸੰਜੀਵ ਕੋਛੜ)- ਡੀ.ਜੀ.ਪੀ. ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ, ਬਾਲ ਕ੍ਰਿਸ਼ਨ ਸ਼ਰਮਾ ਐਸ.ਪੀ. ਮੋਗਾ ਦੀ ਅਗਵਾਈ ਅਤੇ ਨਿਹਾਲ ਸਿੰਘ ਵਾਲਾ ਦੇ ਉਪ ਕਪਤਾਨ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਵਲੋਂ ਬੱਧਨੀ ਕਲਾਂ ਅਤੇ ਆਸ ਪਾਸ ਦੇ ਪਿੰਡਾਂ 'ਚ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਨੂੰ ਅੰਜਾਮ ਦਿੰਦਿਆਂ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ ਮਿਲਣ 'ਤੇ ਅਸਲੇ ਨਾਲ ਸ਼ੋਸਲ ਮੀਡੀਆ ਤੇ ਫ਼ੋਟੋਆਂ ਪਾ ਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਸਬੰਧੀ ਰਮਨਪੀ੍ਰਤ ਸਿੰਘ ਉਰਫ਼ ਰਵੀ ਵਾਸੀ ਲੋਪੋ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 17 ਅ/ਧ ਆਰਮ ਐਕਟ ਤਹਿਤ ਥਾਣਾ ਬੱਧਨੀ ਕਲਾਂ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਪਤਾ ਲਗਾ ਹੈ ਕਿ ਇਹ ਅਸਲਾ ਜੋ ਕਿ ਉਸ ਦੇ ਪਿਤਾ ਜੋਗਿੰਦਰ ਸਿੰਘ ਦਾ ਲਾਇਸੰਸੀ ਅਸਲਾ ਹੈ | ਉਕਤ ਵਿਅਕਤੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |