ਠੱਠੀ ਭਾਈ, 4 ਫਰਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ ਅਤੇ ਸੀਨੀਅਰ ਆਗੂ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਦਾ ਫ਼ੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਸਿਆਸੀ ਬਦਲੇ ਦੀ ਭਾਵਨਾ ਨਾਲ ਬਣਾਏ ਗਏ ਕੇਸ ਕਾਨੂੰਨ ਦੀ ਕਸੌਟੀ 'ਤੇ ਟਿਕ ਨਹੀਂ ਸਕਦੇ | ਅਕਾਲੀ ਆਗੂਆਂ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅਦਾਲਤੀ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੇ ਬਿਆਨਾਂ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਹ ਬਿਆਨ ਨਿਆਂ ਪ੍ਰਣਾਲੀ ਪ੍ਰਤੀ ਅਦਬ ਦੀ ਘਾਟ ਅਤੇ ਸੰਵਿਧਾਨਕ ਸੰਸਥਾਵਾਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਹਨ | ਉਨ੍ਹਾਂ ਆਖਿਆ ਕਿ ਮੰਤਰੀ ਚੀਮਾ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣੇ ਆਕਾਵਾਂ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਜਿਨ੍ਹਾਂ ਨੂੰ ਗੰਭੀਰ ਮਾਮਲਿਆਂ ਵਿਚ ਜ਼ਮਾਨਤ ਮਿਲੀ ਹੋਈ ਹੈ, ਬਾਰੇ ਵੀ ਸਪੱਸ਼ਟ ਰੁਖ ਜਨਤਕ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਂਦੇ ਹੀ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਕੇਸ ਦਰਜ ਕਰਵਾ ਕੇ ਲੋਕਤੰਤਰਿਕ ਸਿਧਾਂਤਾਂ ਨੂੰ ਕਮਜ਼ੋਰ ਕੀਤਾ, ਪਰ ਅਦਾਲਤਾਂ ਨੇ ਸਦਾ ਹੀ ਨਿਆਂ ਦੇ ਤੋਲ 'ਚ ਸੱਚ ਦਾ ਸਾਥ ਦਿੱਤਾ ਹੈ |