ਮੋਗਾ, 5 ਫਰਵਰੀ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਨੇ ਮੋਗਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਹੀ ਘਟੀਆ ਰਾਜਨੀਤੀ ਕਰਦੀ ਹੋਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ | ਪੰਜਾਬ ਸਰਕਾਰ ਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਇਲਜ਼ਾਮ ਲਗਾ ਕੇ ਲੰਮਾ ਸਮਾਂ ਹਿਰਾਸਤ ਵਿਚ ਰੱਖਿਆ ਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਵਿਚ ਫਸਾਉਣਾ ਚਾਹੁੰਦੀ ਹੈ | ਸੰਨੀ ਜੋਗੇਵਾਲਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਝੂਠੇ ਕੇਸਾਂ ਦੇ ਆਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਬਦਨਾਮ ਕਰ ਕੇ ਦਬਾਉਣਾ ਚਾਹੁੰਦੀ ਹੈ ਪਰ ਸਮੁੱਚਾ ਅਕਾਲੀ ਦਲ ਇਕ ਹੈ ਤੇ ਇਨ੍ਹਾਂ ਦੇ ਝੂਠੇ ਕੇਸਾਂ, ਧਮਕੀਆਂ ਤੋਂ ਨਹੀਂ ਡਰਦਾ ਸਗੋਂ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਿਹਾ ਹੈ ਜੋ 2027 ਵਿਚ ਆਪਣੀ ਸਰਕਾਰ ਬਣਾ ਕੇ ਇਨ੍ਹਾਂ ਦੀਆਂ ਵਧੀਕੀਆਂ ਦਾ ਬਦਲਾ ਲਵੇਗਾ |