ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਬੁਨਿਆਦੀ ਅਧਿਕਾਰਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਰਾਹ ਪਈ ਹੋਈ ਹੈ, ਸੂਬੇ ਨੂੰ ਪੁਲਿਸ ਸਟੇਟ ਬਣਾ ਕੇ ਚਲਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰਾਂ ਵਿਚ ਪੰਜਾਬ ਪੁਲਿਸ ਵਲੋਂ ਤੜਕਸਾਰ ਕੀਤੀ ਛਾਪੇਮਾਰੀ ਅਤੇ ਕਿਸਾਨਾਂ ਦੀ ਫੜੋ ਫੜਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਅÏਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੂਬਾ ਪ੍ਰੈਸ ਸਕੱਤਰ ਲਖਵੀਰ ਸਿੰਘ ਹਰੀਕੇ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਬੈਨੀਵਾਲ ਨੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਲ੍ਹ ਵਿਚ ਬੰਦ ਕਿਸਾਨ ਆਗੂਆਂ ਵਿਚੋਂ ਇਕ ਕਿਸਾਨ ਆਗੂ ਨੂੰ ਤਾਂ ਉਸ ਦੀ ਮਾਤਾ ਦੇ ਸਸਕਾਰ 'ਤੇ ਮਿ੍ਤਕ ਦੇਹ ਨੂੰ ਅਗਨੀ ਦੇਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਤੁਰੰਤ ਬੰਦ ਕੀਤਾ ਜਾਵੇ, ਜੇਲ੍ਹ ਵਿਚ ਬੰਦ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |